SGPC ਪ੍ਰਧਾਨ ਧਾਮੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Friday, Nov 21, 2025 - 01:23 PM (IST)

SGPC ਪ੍ਰਧਾਨ ਧਾਮੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ ਵੀ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਦੇ 350 ਸਾਲਾ ਦਿਹਾੜੇ ਸਬੰਧੀ ਸਵੇਰੇ 10 ਵਜੇ ਗੁਰਿਆਈ ਅਸਥਾਨ, ਗੁਰਦੁਆਰਾ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਸ਼ਤਾਬਦੀ ਸਮਾਗਮਾਂ ਦਾ ਆਗਾਜ਼ ਹੋਵੇਗਾ। 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ ਮਨਾਇਆ ਜਾਵੇਗਾ, ਜਿਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਗੁਰਬਾਣੀ ਕਥਾ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ, ਲੋਕਾਂ ਦੇ ਸੂਤੇ ਗਏ ਸਾਹ, ਫ਼ੈਲੀ ਦਹਿਸ਼ਤ

ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮ ਅਤੇ 29 ਨਵੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ। 22 ਨਵੰਬਰ ਤੋਂ 29 ਨਵੰਬਰ ਤੱਕ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਣਗੇ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਦੇ ਮੁੱਖ ਸਮਾਗਮਾਂ ਵਿਚ ਤੇ 29 ਨਵੰਬਰ ਨੂੰ ਸੀਸ ਸਸਕਾਰ ਦਿਵਸ ਮੌਕੇ ਹੋਣ ਵਾਲੇ ਕੌਮੀ ਪੱਧਰ ਦੇ ਗੁਰਮਤਿ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਸ਼ਾਮਲ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨਗੇ। ਇਸ ਮੌਕੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਐਡਵੋਕੇਟ ਜਸਵੀਰ ਸਿੰਘ ਅਤੇ ਹਰਦੇਵ ਸਿੰਘ ਦੇਬੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! 21 ਤੇ 22 ਤਾਰੀਖ਼ ਨੂੰ ਇਹ ਰਸਤੇ ਰਹਿਣਗੇ ਬੰਦ, ਡਾਇਵਰਟ ਰਹੇਗਾ ਟ੍ਰੈਫਿਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News