ਸ਼ਹੀਦ ਭਗਤ ਸਿੰਘ ਨਗਰ : ਜ਼ਿਲ੍ਹੇ ਦੀਆਂ ਮੰਡੀਆਂ ’ਚ ਸੁਚਾਰੂ ਢੰਗ ਨਾਲ ਹੋ ਰਹੀ ਕਣਕ ਦੀ ਖਰੀਦ : ਡੀ. ਸੀ.

04/28/2021 6:46:11 PM

ਨਵਾਂਸ਼ਹਿਰ (ਬਿਊਰੋ) : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪਹੁੰਚੀ 1,98,542 ਮੀਟ੍ਰਿਕ ਟਨ ਕਣਕ ਦੀ 100 ਫੀਸਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 59,261 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 42,287 ਮੀਟ੍ਰਿਕ ਟਨ, ਪਨਸਪ ਵੱਲੋਂ 43493 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 25318 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 25,183 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 315.53 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 99.09 ਕਰੋੜ, ਮਾਰਕਫੈੱਡ ਵੱਲੋਂ 76.86 ਕਰੋੜ, ਪਨਸਪ ਵੱਲੋਂ 71.62 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 40.47 ਅਤੇ ਐੱਫ. ਸੀ. ਆਈ. ਵੱਲੋਂ 27.49 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1,08,805 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਕਣਕ ਦਾ ਸੀਜ਼ਨ ਜਲਦੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ 1,00,752 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ, ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਨਿਯਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਵੱਲੋਂ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ। 


Manoj

Content Editor

Related News