ਡੀ. ਸੀਜ਼. ਨੂੰ 10 ਕਰੋੜ ਤੱਕ ਦੇ ਪ੍ਰਾਜੈਕਟਾਂ ਦੀ ਪ੍ਰਵਾਨਗੀ ਦਾ ਅਧਿਕਾਰ : ਸ਼ਾਮ ਸੁੰਦਰ ਅਰੋੜਾ

07/22/2019 1:00:49 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ 'ਚ ਸਨਅਤੀ ਅਤੇ ਵਪਾਰਕ ਨਿਵੇਸ਼ ਨੂੰ ਹੁਲਾਰਾ ਦੇਣ ਲਈ 10 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਦੀਆਂ ਸ਼ਕਤੀਆਂ ਜ਼ਿਲਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈਲੈਟਸ, ਇੰਮੀਗ੍ਰੇਸ਼ਨ ਅਤੇ ਟਰੈਵਲ ਏਜੰਸੀਆਂ ਨੂੰ ਰੈਗੂਲੇਟ ਕਰਨ ਲਈ ਇਨ੍ਹਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ ਤਾਂ ਜੋ ਅਣ-ਅਧਿਕਾਰਿਤ ਏਜੰਸੀਆਂ ਜਾਂ ਏਜੰਟ ਵਿਦੇਸ਼ ਭੇਜਣ 'ਤੇ ਨਾਮ 'ਤੇ ਧੋਖਾਧੜੀ ਨਾ ਕਰ ਸਕਨ।

ਉਨ੍ਹਾਂ ਕਿਹਾ ਕਿ ਸੂਬੇ 'ਚ ਹੁਣ ਤੱਕ 50 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਜ਼ਮੀਨੀ ਪੱਧਰ 'ਤੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਦੇ ਨਿਵੇਸ਼ ਨੂੰ ਪ੍ਰਵਾਨਗੀ ਦੇਣ ਨਾਲ ਨਿਵੇਸ਼ਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਛੋਟੇ ਨਿਵੇਸ਼ਾਂ 'ਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਨਿਵੇਸ਼ ਲਈ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਗਿਆ ਹੈ ਤਾਂ ਜੋ ਵਪਾਰਿਆਂ ਅਤੇ ਉਦਯੋਗਪਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਵਿਧਾਇਕ ਅੰਗਦ ਸਿੰਘ, ਐੱਸ. ਐੱਸ. ਪੀ. ਅਲਕਾ ਮੀਨਾ, ਏ. ਡੀ. ਸੀ. ਅਨੁਪਮ ਕਲੇਰ, ਐੱਸ. ਡੀ. ਐੱਮ. ਡਾ. ਵਿਨੀਤ ਕੁਮਾਰ, ਸਤਿੰਦਰ ਸਿੰਘ, ਡੀ. ਐੱਸ. ਪੀ. ਕੈਲਾਸ਼ ਚੰਦਰ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ ਅਤੇ ਉਨ੍ਹਾਂ ਦੇ ਸਾਥੀ ਕੌਂਸਲਰ ਅਤੇ ਸੀਨੀਅਰ ਕਾਂਗਰਸ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਵੀ ਮੌਜੂਦ ਸਨ।


shivani attri

Content Editor

Related News