ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਵਚਨਬੱਧ : ਅਰੋੜਾ

02/08/2020 2:17:33 PM

ਹੁਸ਼ਿਆਰਪੁਰ (ਘੁੰਮਣ)— ਜ਼ਿਲੇ ਅੰਦਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਹ ਵਿਚਾਰ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਕਿਲਾ ਬਰੂਨ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇ ਚੈੱਕ ਦੇਣ ਉਪਰੰਤ ਪ੍ਰਗਟ ਕੀਤੇ।

ਅਰੋੜਾ ਨੇ ਕਿਹਾ ਕਿ ਭਵਿੱਖ ਵਿਚ ਹੁਸ਼ਿਆਰਪੁਰ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਗ੍ਰਾਮ ਪੰਚਾਇਤ ਕਿਲਾ ਬਰੂਨ ਦੀ ਮੰਗ ਅਨੁਸਾਰ ਪਿੰਡ ਦੇ ਸ਼ਮਸ਼ਾਨਘਾਟ ਦੀ ਫਲੋਰਿੰਗ, ਪਿੰਡ 'ਚ ਪਾਰਕ, ਪੈਟਰੋਲ ਪੰਪ ਵਾਲੀ ਗਲੀ ਅਤੇ ਗੁਰਦੁਆਰਾ ਸਾਹਿਬ ਵਾਲੀ ਗਲੀ ਦੇ ਨਿਰਮਾਣ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਰੂਰਤਮੰਦਾਂ ਤੱਕ ਪਹੁੰਚਾਉਣਾ ਹਰ ਅਫ਼ਸਰ ਦੀ ਜ਼ਿੰਮੇਵਾਰੀ ਹੈ, ਤਾਂ ਜੋ ਉਹ ਉਨ੍ਹਾਂ ਦਾ ਲਾਭ ਲੈ ਸਕਣ।

ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ, ਉੱਥੇ ਹੀ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਕਾਸ ਕੰਮਾਂ ਦੇ ਨਾਲ-ਨਾਲ ਪਿੰਡਾਂ ਵਿਚ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਪਿੰਡ ਵਾਸੀ ਨਸ਼ਿਆਂ ਖਿਲਾਫ਼ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਮੌਕਾ ਮਿਲਣ 'ਤੇ ਉਹ ਸਿੱਧ ਕਰ ਸਕਦੀਆਂ ਹਨ ਕਿ ਉਹ ਕੋਈ ਵੀ ਮੰਜ਼ਿਲ ਸਰ ਕਰ ਸਕਦੀਆਂ ਹਨ। ਇਸ ਮੌਕੇ ਨੰਬਰਦਾਰ ਕੁਲਦੀਪ ਕੁਮਾਰ, ਅਜੈ, ਸੁਰਜੀਤ ਸਿੰਘ, ਕੌਂਸਲਰ ਸੁਰਿੰਦਰਪਾਲ ਸਿੱਧੂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।


shivani attri

Content Editor

Related News