ਸ਼੍ਰੋਮਣੀ ਅਕਾਲੀ ਦਲ ਜੇਕਰ ਚਾਹੁੰਦਾ ਤਾਂ ਉਹ ਆਪਣੇ ਬਲਬੂਤੇ ਤੇ ਦਿੱਲੀ ਵਿਧਾਨ ਸਭਾ ਚੋਣਾਂ ਲੜ ਸਕਦਾ ਸੀ: ਜਗੀਰ ਕੌਰ

01/31/2020 3:42:28 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਸ਼੍ਰੋਮਣੀ ਅਕਾਲੀ ਦਲ ਬਾਦਲ ਜੇਕਰ ਚਾਹੁੰਦਾ ਤਾਂ ਉਹ ਆਪਣੇ ਬਲਬੂਤੇ ਤੇ ਹੀ ਦਿੱਲੀ ਵਿਧਾਨ ਸਭਾ ਚੋਣਾਂ ਲੜ ਸਕਦਾ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਅੱਜ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਇਸ ਗੱਲ ਤੇ ਗੁੰਮਰਾਹ ਕੀਤਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਇੱਛਾ ਮੁਤਾਬਕ ਟਿਕਟਾਂ ਨਹੀਂ ਮਿਲੀਆਂ, ਜਿਸ ਕਾਰਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਗ ਨਾ ਲੈਣ ਦਾ ਮਨ ਬਣਾਇਆ ਸੀ ਪਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇਸ ਗੱਲ ਦੇ ਸਮੱਰਥ ਹਨ ਕਿ ਉਹ ਸਾਰੀਆਂ ਸੀਟਾਂ ਤੇ ਆਪਣੇ ਵਰਕਰਾਂ ਨੂੰ ਟਿਕਟਾਂ ਦੇ ਕੇ ਚੋਣਾਂ ਲੜ ਸਕਦੇ ਸੀ।

ਉਨ੍ਹਾਂ ਇਸ ਮੌਕੇ ਕਿਹਾ ਕਿ ਅਕਾਲੀ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਅਤੇ ਪੁਰਾਣੀ ਸਾਂਝ ਹੈ, ਜਿਸ ਨੂੰ ਬਰਕਰਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਉਹ ਵਿਧਾਨ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਪਾਰਟੀ ਦਾ ਸਾਥ ਦੇਵੇਗਾ ਪਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਉਸ ਸਟੈਂਡ ਤੇ ਕਾਇਮ ਹਨ ਕਿ ਨਾਗਰਿਕਤਾ ਸੋਧ ਬਿੱਲ ਵਿੱਚ ਹਰੇਕ ਧਰਮ ਨੂੰ ਬਰਾਬਰਤਾ ਮਿਲਣੀ ਚਾਹੀਦੀ ਹੈ ਅਤੇ ਇਸ 'ਚ ਹੋਰਨਾਂ ਧਰਮਾਂ ਦੇ ਨਾਲ-ਨਾਲ ਮੁਸਲਿਮ ਧਰਮ ਦੇ ਲੋਕਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਅਤੇ ਸੁਨੇਹਾ ਦਿੱਤਾ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨਸ਼ਿਆਂ ਦੇ ਮੁੱਦੇ ਤੇ ਬਦਨਾਮ ਕਰਨ ਵਾਲੀ ਕਾਂਗਰਸ ਪਾਰਟੀ ਦੇ ਰਾਜ 'ਚ ਸੂਬਾ ਪੰਜਾਬ ਅੰਦਰ ਨਸ਼ਿਆਂ ਦੀ ਭਰਮਾਰ ਹੋਰ ਜ਼ਿਆਦਾ ਵਧੀ ਹੈ ਜਿਸ ਕਾਰਨ ਅੱਜ ਸ਼ਰੇਆਮ ਨਸ਼ਾ ਵਿਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਉਸ ਸਮੇਂ ਪਿੱਛੇ ਹਟ ਰਹੇ ਹਨ ਜੋ ਕਿ ਉਨ੍ਹਾਂ ਪੰਜਾਬ ਅੰਦਰ ਸਰਕਾਰ ਬਣਾਉਣ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਇਹ ਵਾਅਦਾ ਕੀਤਾ ਸੀ ਕਿ ਉਹ ਇਕ ਹਫਤੇ ਦੇ ਅੰਦਰ-ਅੰਦਰ ਪੰਜਾਬ 'ਚੋਂ ਨਸ਼ਿਆਂ ਨਸ਼ਿਆਂ ਨੂੰ ਖਤਮ ਕਰ ਦੇਣਗੇ। ਅੱਜ ਦੋ ਢਾਈ ਸਾਲ ਸਰਕਾਰ ਬਣੇ ਨੂੰ ਹੋ ਗਏ ਪਰ ਪੰਜਾਬ ਵਿੱਚ ਨਸ਼ੇ ਘਟਿਆ ਨਹੀਂ ਸਗੋਂ ਵਧਿਆ ਹੈ,ਜਿਸ ਕਾਰਨ ਅੱਜ ਪੰਜਾਬ ਦੀ ਜਵਾਨੀ ਕੱਖਾਂ ਵਾਂਗ ਰੁਲ ਰਹੀ ਹੈ ਅਤੇ ਸੂਬਾ ਪੰਜਾਬ ਦੀ ਸਰਕਾਰ ਨਾ ਸਿਰਫ ਨਸ਼ਿਆਂ ਦੇ ਮੁੱਦੇ ਤੇ ਸਗੋਂ ਹਰੇਕ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨਾਲ ਬੀਬੀ ਸੁਖਦੇਵ ਕੌਰ ਸੱਲਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸਰਦਾਰ ਸਵਰਨ ਸਿੰਘ ਜੋਸ਼ ਅਤੇ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ। 


Shyna

Content Editor

Related News