ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਹਾਲਤ ''ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ

Tuesday, Nov 17, 2020 - 09:27 PM (IST)

ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਹਾਲਤ ''ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ ਹਨ ਅਤੇ ਆਜ਼ਾਦੀ ਤੋਂ ਬਾਅਦ ਵੀ ਸਿੱਖਾਂ ਨੇ ਹਰ ਖੇਤਰ ਵਿਚ ਵੱਡੀ ਭੂਮਿਕਾ ਨਿਭਾਈ।

ਉਨ੍ਹਾਂ ਸਿੱਖ ਵਿਰੋਧੀ ਸ਼ਕਤੀਆਂ ਦੇ ਬਹਿਕਾਵੇਂ ਵਿਚ ਆ ਕੇ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਵਾਲੇ ਲੋਕਾਂ ਨੂੰ ਕਿਹਾ ਕਿ ਉਹ ਪਹਿਲਾਂ ਇਸਦੇ ਇਤਿਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਹਾਸਲ ਕਰਨ। ਨਿੱਜੀ ਲਾਲਸਾਵਾਂ ਕਾਰਣ ਸਿੱਖ ਪੰਥ ਦੀ ਸੇਵਕ ਸੰਸਥਾ ਨੂੰ ਭੰਡਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਹਾਲਤ 'ਚ ਦੋਫਾੜ ਨਹੀਂ ਹੋਣ ਦੇਵਾਂਗੇ। ਸਿੱਖ ਪੰਥ ਅੱਗੇ ਮੌਜੂਦਾ ਚੁਣੌਤੀਆਂ 'ਤੇ ਗੰਭੀਰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਪਤਿੱਤਪੁਣਾ, ਧਰਮ ਪਰਿਵਰਤਨ ਅਤੇ ਦੇਸ਼ ਵਿਚ ਘੱਟਗਿਣਤੀਆਂ ਵਿਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟਗਿਣਤੀਆਂ ਦੀ ਰਖਵਾਲੀ ਨੂੰ ਯਕੀਨੀ ਬਣਾਉਣਾ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਾਨਕਸਰ ਸੰਪਰਦਾ ਵੱਲੋਂ ਬਾਬਾ ਲੱਖਾ ਸਿੰਘ, ਨਿਰਮਲੇ ਸੰਪਰਦਾ ਤੋਂ ਬਾਬਾ ਤੇਜਾ ਸਿੰਘ ਐੱਮ. ਏ., ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਲੈ ਕੇ ਮੌਜੂਦਾ ਸਮੇਂ ਤਕ ਦਾ ਸੰਖੇਪ ਇਤਿਹਾਸ ਦਰਸਾਉਂਦਾ ਇਕ ਕਿਤਾਬਚਾ ਜਾਰੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਬਾਦਲ ਨੂੰ ਸਨਮਾਨਤ ਵੀ ਕੀਤਾ।


author

Deepak Kumar

Content Editor

Related News