ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ ਮਾਮਲਾ
Monday, Jul 06, 2026 - 08:22 PM (IST)
ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ ਜਾਰੀ ਕੀਤਾ ਗਿਆ ਹੈ।ਜਾਰੀ ਨੋਟਿਸ 'ਚ ਕਿਹਾ ਗਿਆ ਕਿ ਮਦਨ ਲਾਲ ਜਲਾਲਪੁਰ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈਕਮਾਂਡ, ਖਾਸ ਕਰਕੇ ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਦੇ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਪਾਰਟੀ ਕੋਲ ਇਸ ਗੱਲਬਾਤ ਦੀ ਵੀਡੀਓ ਵੀ ਮੌਜੂਦ ਹੈ। ਜਲਾਲਪੁਰ ਦੀਆਂ ਇਨ੍ਹਾਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਦੇ ਅਹੁਦੇਦਾਰਾਂ ਅਤੇ ਸਮੁੱਚੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਨੁਸ਼ਾਸਨੀ ਕਮੇਟੀ ਨੇ ਮਦਨ ਲਾਲ ਜਲਾਲਪੁਰ ਨੂੰ ਆਪਣਾ ਪੱਖ ਰੱਖਣ ਲਈ 3 ਦਿਨਾਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੂੰ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਜਿਹੀਆਂ ਟਿੱਪਣੀਆਂ ਕਿਉਂ ਕੀਤੀਆਂ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 3 ਦਿਨਾਂ ਦੇ ਅੰਦਰ ਕੋਈ ਜਵਾਬ ਨਹੀਂ ਆਉਂਦਾ, ਤਾਂ ਉਨ੍ਹਾਂ ਖਿਲਾਫ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
