ਰੋਡਵੇਜ਼ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

Friday, Nov 02, 2018 - 01:57 AM (IST)

ਨਵਾਂਸ਼ਹਿਰ,   (ਤ੍ਰਿਪਾਠੀ,ਮਨੋਰੰਜਨ)-  ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੇ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਨਿੱਜੀ ਟਰਾਂਸਪੋਰਟਰਾਂ ਨੂੰ ਉਤਸ਼ਾਹਿਤ ਕੀਤੇ ਜਾਣ ਦੀਆਂ ਨੀਤੀਅਾਂ ਦੇ ਵਿਰੋਧ ’ਚ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਬੱਸ ਅੱਡੇ ’ਤੇ 3 ਘੰਟੇ ਦਾ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। 
 ਕੰਡਕਟਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਮੈਂਬਰ ਸਾਂਝੀ ਐਕਸ਼ਨ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਰੋਡਵੇਜ਼ ਨੂੰ ਬੰਦ ਕਰਨ ਦੀਆਂ ਨੀਤੀਆਂ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਟਰਾਂਸਪੋਰਟਰਾਂ ਨੂੰ  ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਕਰਜ਼ਾ ਮੁਕਤ ਹੋ ਚੁੱਕੀ ਪਨਬਸ ਬੱਸਾਂ ਨੂੰ ਰੋਡਵੇਜ਼ ਦੇ ਵਿਹਡ਼ੇ ਵਿਚ ਮਰਜ ਕੀਤਾ ਜਾਵੇ, ਮਾਣਯੋਗ ਅਦਾਲਤ ਦੇ ਹੁਕਮਾਂ ਨੂੰ ਜਲਦ ਲਾਗੂ ਕੀਤਾ ਜਾਵੇ, ਵਿਭਾਗ ਵਿਚ ਖਾਲੀ ਪਈਅਾਂ ਆਸਾਮੀਆਂ ’ਤੇ ਰੈਗੂਲਰ ਭਰਤੀ ਕੀਤੀ ਜਾਵੇ, ਬਿਨਾਂ ਰੂਟ ਪਰਮਿਟ ’ਤੇ ਚੱਲ ਰਹੀਅਾਂ 1300 ਬੱਸਾਂ ਨੂੰ ਬੰਦ ਕਰ ਕੇ ਸਰਕਾਰੀ ਖਜ਼ਾਨੇ ਨੂੰ ਲੱਗ ਰਹੇ ਚੂਨੇ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਅਾਂ ਸਰਕਾਰੀ ਟਰਾਂਸਪੋਰਟ ਨੀਤੀਅਾਂ ਦੇ ਵਿਰੋਧ ਵਿਚ 20 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਦੇ ਹਲਕੇ ਵਿਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਦੋਂ ਕਿ 2 ਨਵੰਬਰ ਨੂੰ ਨਵਾਂਸ਼ਹਿਰ ਦੇ ਬੱਸ ਅੱਡੇ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। 
  ਇਸ ਮੌਕੇ ਅਜੀਤ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਰਮਨਦੀਪ ਸਿੰਘ, ਨਾਜਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਵਰਿੰਦਰ ਸਿੰਘ, ਦਵਿੰਦਰ ਕੁਮਾਰ ਅਤੇ ਜਸਵਿੰਦਰ ਸਿੰਘ ਆਦਿ ਨੇ ਵੀ ਸਰਕਾਰ ਦੀਆਂ ਨੀਤੀਆਂ ਖਿਲਾਫ  ਭਡ਼ਾਸ ਕੱਢੀ। 


Related News