ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਲਾਪਤਾ ਹੋਣ ਨੂੰ ਲੈ ਕੇ ਨਾਅਰੇਬਾਜ਼ੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ

05/19/2020 12:58:28 AM

ਹੁਸ਼ਿਆਰਪੁਰ,(ਅਮਰਿੰਦਰ)-ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਸੰਸਦੀ ਖੇਤਰ ਤੋਂ ਲਾਪਤਾ ਹੋਣ ਸਬੰਧੀ ਕਣਕ ਮੰਡੀ ਚੌਕ ਦੇ ਨੇੜੇ ਧਰਨਾ ਲਾ ਕੇ ਨਾਅਰੇਬਾਜ਼ੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ ਅਧੀਨ ਅੱਧੀ ਦਰਜਨ ਤੋਂ ਵੀ ਜ਼ਿਆਦਾ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਥਾਣਾ ਸਿਟੀ 'ਚ ਤਾਇਨਾਤ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਪੁਲਸ ਸੋਸ਼ਲ ਮੀਡੀਆ ਅਤੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਰਹੀ ਹੈ।
ਜਦੋਂ ਇਸ ਸਬੰਧੀ ਜ਼ਿਲਾ ਪੁਲਸ ਮੁਖੀ ਗੌਰਵ ਗਰਗ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਖਤ ਲਹਿਜੇ ਵਿਚ ਕਿਹਾ ਕਿ ਇਕ ਪਾਸੇ ਪੂਰਾ ਦੇਸ਼ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ, ਅਜਿਹੇ ਸਮੇਂ ਵਿਚ ਸਾਰੇ ਰਾਜਨੀਤਕ, ਸਮਾਜਕ ਅਤੇ ਧਾਰਮਕ ਸੰਗਠਨਾਂ ਅਤੇ ਆਗੂਆਂ ਦਾ ਫਰਜ਼ ਬਣਦਾ ਹੈ ਕਿ ਉਹ ਰਾਜਨੀਤੀ ਤੋਂ ਉਪਰ ਉੱਠ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਨਾ ਕਿ ਇਸ ਤਰ੍ਹਾਂ ਸਮਾਜ ਵਿਚ ਗਲਤ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਦੀ ਪੁਲਸ ਨੂੰ ਕਾਰਵਾਈ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ।


Deepak Kumar

Content Editor

Related News