ਹੁਸ਼ਿਆਰਪੁਰ ਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਮੰਤਰੀ ਸੋਮ ਪ੍ਰਕਾਸ਼ ਨੇ ਜਾਰੀ ਕਰਵਾਈ 67.82 ਕਰੋੜ ਦੀ ਗਰਾਂਟ

07/25/2020 2:31:34 PM

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ 'ਚ ਰਹਿੰਦੇ ਲੋਕਾਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਜ਼ਿਲ੍ਹਿਆਂ 'ਚ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣ। ਇਸੇ ਦੇ ਸਬੰਧ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਹੁਸ਼ਿਆਰਪੁਰ ਤੋਂ ਐੱਮ. ਪੀ. ਬਣਨ ਤੋਂ ਬਾਅਦ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ, ਜਿਸ ਸਦਕਾ ਕੇਂਦਰ ਸਰਕਾਰ ਵੱਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਖੋਲ੍ਹਣ ਲਈ 34.19 ਕਰੋੜ ਰੁਪਏ ਅਤੇ ਕਪੂਰਥਲਾ 'ਚ ਮੈਡੀਕਲ ਕਾਲਜ ਖੋਲ੍ਹਣ ਲਈ 33.63 ਕਰੋੜ ਰੁਪਏ (ਕੁੱਲ 67.82 ਕਰੋੜ) ਮਨਜ਼ੂਰ ਕਰਕੇ ਪੰਜਾਬ ਸਰਕਾਰ ਦੇ ਸਿਹਤ ਮਹਿਕਮੇ ਨੂੰ ਜਾਰੀ ਕਰ ਦਿੱਤੇ ਗਏ ਹਨ। ਜਿਸ ਦੇ ਨਾਲ ਦੋਵੇਂ ਜ਼ਿਲ੍ਹਿਆਂ 'ਚ ਬਣੇ ਸਿਵਲ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜਾਂ 'ਚ ਤਬਦੀਲ ਕਰ ਦਿੱਤਾ ਜਾਵੇਗਾ।

ਸੋਮ ਪ੍ਰਕਾਸ਼ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਮੈਡੀਕਲ ਕਾਲਜ ਖੋਲ੍ਹਣ ਨਾਲ ਇਨ੍ਹਾਂ ਖੇਤਰਾਂ 'ਚ ਰਹਿੰਦੇ ਮੈਡੀਕਲ ਦੀ ਪੜਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਇਨ੍ਹਾਂ ਇਲਾਕਿਆਂ 'ਚ ਰਹਿੰਦੇ ਮਰੀਜ਼ਾਂ ਨੂੰ ਸਸਤਾ ਇਲਾਜ ਕਰਵਾਉਣ ਲਈ ਬਹੁਤ ਲਾਭ ਮਿਲੇਗਾ। ਸੋਮ ਪ੍ਰਕਾਸ਼ ਨੇ ਜਨਤਾ ਨੂੰ ਇਹ ਵਿਸ਼ੇਸ਼ ਤੋਹਫ਼ਾ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵਿਕਾਸ ਲਈ ਵਚਨਬੱਧ ਹਨ।


shivani attri

Content Editor

Related News