ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ : ਸੋਮ ਪ੍ਰਕਾਸ਼

02/20/2020 6:26:24 PM

ਹੁਸ਼ਿਆਰਪੁਰ (ਘੁੰਮਣ)— ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ ਅਤੇ ਜਿਹੜੇ ਕਾਰਜ ਅਜੇ ਸ਼ੁਰੂ ਨਹੀਂ ਹੋਏ ਉਨ੍ਹਾਂ ਦੀ ਵੀ ਜਲਦੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਜ਼ਿਲੇ ਦੀ ਨੁਹਾਰ ਬਦਲੀ ਜਾ ਸਕੇ। ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਯੋਗ ਵਿਅਕਤੀ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। 

ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਸਰਕਾਰੀ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਐੱਮ. ਪੀ. ਲੈਡ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿੱਢੇ ਗਏ ਕੰਮ ਜਲਦੀ ਮੁਕੰਮਲ ਕੀਤੇ ਜਾਣ। ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਐਕਸੀਅਨ ਪਬਲਿਕ ਹੈਲਥ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਘਰ ਨੂੰ ਪਾਣੀ ਦੀ ਸਮੱਸਿਆ ਨਾਲ ਜੂਝਣ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪਿੰਡਾਂ 'ਚ 100 ਫੀਸਦੀ ਪਾਣੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਗਨਰੇਗਾ, ਅਮਰੂਤ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਸ਼ਿਆਮਾ ਪ੍ਰਸਾਦ ਮੁਖਰਜੀ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਦੀਨ ਦਿਆਲ ਉਪਾਧਿਆਏ ਗਰਾਮ ਜੋਤੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਭਰੋਸਾ ਦਿਵਾਉਂਦੇ ਕਿਹਾ ਕਿ ਜ਼ਿਲੇ 'ਚ ਵੱਖ-ਵੱਖ ਯੋਜਨਾਵਾਂ ਅਧੀਨ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਵਿਅਕਤੀ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵਿੱਢੇ ਗਏ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕਰਨ ਲਈ ਵੀ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਐੱਸ. ਪੀ. ਮਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

shivani attri

This news is Content Editor shivani attri