ਸੰਗਤ ''ਚ ਉਤਸ਼ਾਹ, ਸੋਮਵਾਰ 11 ਲੱਖ ਸ਼ਰਧਾਲੂ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

11/12/2019 12:54:10 PM

ਸੁਲਤਾਨਪੁਰ ਲੋਧੀ (ਸੋਢੀ)— ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੀਤੇ ਦਿਨ ਸਵੇਰੇ ਅੰਮ੍ਰਿਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਜਿਨ੍ਹਾਂ ਦੇ ਭੋਗ 12-13 ਨਵੰਬਰ ਦੀ ਦਰਮਿਆਨੀ ਰਾਤ ਨੂੰ 1 ਵਜੇ ਪੈਣਗੇ। ਅੰਮ੍ਰਿਤ ਵੇਲੇ ਵਿਸਮਾਦ ਅਤੇ ਸ਼ਰਧਾ 'ਚ ਰੰਗੇ ਮਾਹੌਲ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਸੁਖਆਸਨ ਅਸਥਾਨ ਤੋਂ ਲਿਆਉਣ ਦੀ ਸੇਵਾ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਨਿਭਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਅਸਥਾਨ ਤੋਂ ਪ੍ਰਕਾਸ਼ ਅਸਥਾਨ ਤਕ ਪਹੁੰਚਣ ਵੇਲੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਉਪਰੰਤ ਮੁਖਵਾਕ ਲਿਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇ. ਅਮਰੀਕ ਸਿੰਘ ਕੋਟਸ਼ਮੀਰ ਅਤੇ ਭਾਈ ਅਮਰਜੀਤ ਸਿੰਘ ਚਾਵਲਾ, ਜਥੇ. ਦਿਆਲ ਸਿੰਘ ਕੋਲਿਆਂਵਾਲੀ ਵੀ ਹਾਜ਼ਰ ਸਨ।
ਇਸੇ ਦੌਰਾਨ ਬੀਤੇ ਦਿਨ ਪਵਿੱਤਰ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 11 ਲੱਖ ਦੇ ਕਰੀਬ ਸ਼ਰਧਾਲੂ ਸੰਗਤਾਂ ਨੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸਥਾਨਕ ਹੋਰ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਅੱਜ ਸਾਰਾ ਦਿਨ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਰਾਤ ਤੱਕ ਵੀ ਸੰਗਤਾਂ ਦੀ ਭਾਰੀ ਗਿਣਤੀ 'ਚ ਭੀੜ ਰਹੀ।


shivani attri

Content Editor

Related News