ਗੁ. ਸ੍ਰੀ ਬੇਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ
Thursday, Apr 21, 2022 - 06:44 PM (IST)

ਸੁਲਤਾਨਪੁਰ ਲੋਧੀ (ਸੋਢੀ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ (ਪਹਿਲੀ ਪਾਤਸ਼ਾਹੀ) ਵਿਖੇ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਮੈਨੇਜਰ ਭਾਈ ਗੁਰਾ ਸਿੰਘ ਮਾਨ ਦੀ ਦੇਖ-ਰੇਖ ’ਚ ਬਹੁਤ ਹੀ ਸੁੰਦਰ ਦਰਬਾਰ ਸਜਾਇਆ ਗਿਆ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਵੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ।
ਇਸ ਸਮੇਂ ਵੱਡੀ ਗਿਣਤੀ ’ਚ ਸ਼ਰਧਾਲੂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿਨ੍ਹਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸਵੇਰ ਸਮੇਂ ਪੰਜ ਬਾਣੀਆਂ ਦੇ ਨਿਤਨੇਮ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਸ੍ਰੀ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ ਗਿਆ। ਸਰਬੱਤ ਦੇ ਭਲੇ ਲਈ ਅਰਦਾਸ ਗਿਆਨੀ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਵੱਲੋਂ ਕੀਤੀ ਗਈ।
ਸਮਾਗਮ ਦੌਰਾਨ ਭਾਈ ਸੰਤੋਖ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਭਜਨ ਸਿੰਘ ਖੜਕ, ਭਾਈ ਸੁਖਦੇਵ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸਰਬਜੀਤ ਸਿੰਘ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਕੀਰਤਨ ਸੰਗਤਾਂ ਨੂੰ ਸੁਣਾਇਆ ਗਿਆ। ਦੂਰ ਦੁਰਾਡੇ ਤੋਂ ਪੁੱਜੀਆਂ ਸੰਗਤਾਂ ਨੂੰ ਗੁਰ ਇਤਿਹਾਸ ਦੀ ਕਥਾ ਭਾਈ ਕਰਨਜੀਤ ਸਿੰਘ ਆਹਲੀ ਨੇ ਸੁਣਾਈ ਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਜਿਨ੍ਹਾਂ ਦੇ ਦਿਨ ਮਨਾਉਂਦੇ ਹਾਂ, ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਵੀ ਅਮਲ ਕਰੀਏ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ’ਚ ਅੱਜ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਸਤਾਬਦੀ ਸਮਾਗਮ ਆਯੋਜਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਹੈ। ਸ਼ਰਧਾਲੂਆਂ ਲਈ ਜਲੇਬੀਆਂ, ਪਕੌੜੇ ਅਤੇ ਹੋਰ ਪਕਵਾਨਾਂ ਦੇ ਅਤੁੱਟ ਲੰਗਰ ਵਰਤਾਏ ਗਏ। ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਬੂਟੇ ਵੀ ਲਗਾਏ ਗਏ ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਕੰਵਲਨੈਨ ਸਿੰਘ ਕੇਨੀ, ਭਾਈ ਸੁਰਿੰਦਰਪਾਲ ਸਿੰਘ ਨੰਬਰਦਾਰ, ਪਟਵਾਰੀ ਮਨੋਹਰ ਸਿੰਘ, ਸੁਖਵਿੰਦਰ ਸਿੰਘ ਖਜ਼ਾਨਚੀ, ਰਣਜੀਤ ਸਿੰਘ ਠੱਟਾ ਰਿਕਾਰਡ ਕੀਪਰ, ਕੁਲਵਿੰਦਰ ਸਿੰਘ,ਸੁਖਜਿੰਦਰ ਸਿੰਘ ਤੇ ਹੋਰਨਾਂ ਸ਼ਿਰਕਤ ਕੀਤੀ।