ਸ਼ਰਾਬ ਦੀ ਸਮਗਲਿੰਗ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ
Sunday, May 17, 2020 - 02:24 AM (IST)

ਜਲੰਧਰ, (ਚੋਪੜਾ)— ਜ਼ਿਲ੍ਹੇ 'ਚ ਹੁਣ ਸਿਵਲ, ਪੁਲਸ ਅਤੇ ਐਕਸਾਈਜ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਸ਼ਰਾਬ ਦੀ ਸਮਗਲਿੰਗ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਇਹ ਵਿਚਾਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਸਿਵਲ, ਪੁਲਸ ਅਤੇ ਐਕਸਾਈਜ ਵਿਭਾਗ ਦੀ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਆਯੋਜਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟਾਏ ।
ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼ਰਾਬ ਦੀ ਸਮਗਲਿੰਗ ਨਾਲ ਜੁੜੇ ਕਿਸੇ ਵੀ ਵਿਅਕਤੀ ਖਿਲਾਫ ਆਪਦਾ ਪ੍ਰਬੰਧਨ ਅਤੇ ਮਹਾਮਾਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਸ ਸਬੰਧੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇਗੀ । ਉਨ੍ਹਾਂ ਕਿਹਾ ਕਿ ਸਿਵਲ, ਪੁਲਸ ਅਤੇ ਐਕਸਾਈਜ ਵਿਭਾਗ ਦੀਆਂ ਡਵੀਜ਼ਨ ਅਤੇ ਸਬ-ਡਵੀਜ਼ਨ ਪੱਧਰ ਦੀਆਂ ਟੀਮਾਂ ਬਣਾਈਆਂ ਜਾਣਗੀਆਂ । ਇਨ੍ਹਾਂ ਟੀਮਾਂ ਵੱਲੋਂ ਜ਼ਿਲੇ ਵਿਚ ਸ਼ਰਾਬ ਦੀ ਸਮਗਲਿੰਗ ਨੂੰ ਪੂਰੀ ਚੌਕਸੀ ਨਾਲ ਰੋਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਅਜਿਹੀਆਂ ਨਾਜਾਇਜ਼ ਸਰਗਗਮੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।