ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਨਾ ਰੱਖੇ ਜਾਣ ਤੋਂ MLA ਕੋਟਲੀ ਖ਼ਫ਼ਾ
Monday, Mar 11, 2024 - 10:47 AM (IST)
ਜਲੰਧਰ (ਮਹੇਸ਼)-ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਨਾ ਰੱਖਣ ਤੋਂ ਖਫਾ ਹੁੰਦਿਆਂ ਹਲਕਾ ਆਦਮਪੁਰ ਦੇ ਮੌਜੂਦਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਅਜਿਹਾ ਨਾ ਕਰਨ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੇ ਖ਼ਾਸ ਕਰਕੇ ਦੋਆਬਾ ਇਲਾਕੇ ਵਿਚ ਰਹਿੰਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਸ਼ਰਧਾਲੂਆਂ ਨੂੰ ਭਾਰੀ ਠੇਸ ਪਹੁੰਚਾਈ ਹੈ ਕਿਉਂਕਿ ਉਨ੍ਹਾਂ ਦੀ ਇਹ ਮੰਗ ਲੰਮੇ ਸਮੇਂ ਤੋਂ ਚਲੀ ਆ ਰਹੀ ਸੀ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਸੀ ਕਿ ਐਤਵਾਰ ਉਦਘਾਟਨ ਮੌਕੇ ਉਨ੍ਹਾਂ ਦੀ ਇਹ ਮੰਗ ਕੇਂਦਰ ਸਰਕਾਰ ਵੱਲੋਂ ਜ਼ਰੂਰ ਪੂਰੀ ਕਰ ਦਿੱਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ।
ਵਿਧਾਇਕ ਕੋਟਲੀ ਨੇ ਕਿਹਾ ਕਿ ਉਦਘਾਟਨ ਸਮਾਗਮ ਲਈ ਉਨ੍ਹਾਂ ਨੂੰ ਵੀ ਸੱਦਾ-ਪੱਤਰ ਦਿੱਤਾ ਗਿਆ ਸੀ, ਜਿਸ ਕਾਰਨ ਉਹ ਸਮਾਗਮ ਵਿਚ ਪੁੱਜੇ ਸਨ। ਉਨ੍ਹਾਂ ਨੂੰ ਵੀ ਲੱਗਦਾ ਸੀ ਕਿ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖੇ ਜਾਣ ਦਾ ਸਰਕਾਰ ਐਲਾਨ ਕਰੇਗੀ। ਉੱਥੇ ਅਜਿਹਾ ਕੁਝ ਨਾ ਦੇਖ ਕੇ ਉਹ ਬਹੁਤ ਖ਼ਫ਼ਾ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਸ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਣ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਪ੍ਰਸਤਾਵ ਪਾਸ ਕੀਤਾ ਗਿਆ ਸੀ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਦੋਆਬਾ ਵਾਸੀਆਂ ਨੂੰ ਸੌਗਾਤ, ਆਦਮਪੁਰ ਹਵਾਈ ਅੱਡੇ ਦਾ ਕੀਤਾ ਉਦਘਾਟਨ
ਕੋਟਲੀ ਨੇ ਕਿਹਾ ਕਿ ਜਦੋਂ ਉਹ ਇਸ ਸਬੰਧੀ ਕੇਂਦਰੀ ਮੰਤਰੀ ਆਦਿੱਤਿਆ ਮਾਧਵ ਰਾਓ ਸ਼੍ਰੀ ਸਿੰਧੀਆ ਨੂੰ ਮਿਲੇ ਸਨ ਤਾਂ ਉਨ੍ਹਾਂ ਨੇ ਵੀ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਮੰਗ ਨੂੰ ਪੂਰਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਵੀ ਉਨ੍ਹਾਂ ਇਹ ਮੰਗ ਉਠਾਈ ਸੀ। ਉਨ੍ਹਾਂ ਕਿਹਾ ਕਿ ਆਦਮਪੁਰ ਏਅਰਪੋਰਟ ਦਾ ਉਦਘਾਟਨ ਤਾਂ ਕਾਫ਼ੀ ਸਮਾਂ ਪਹਿਲਾਂ ਹੋ ਚੁੱਕਾ ਹੈ। ਪੀ. ਐੱਮ. ਵੱਲੋਂ ਕੀਤੇ ਗਏ ਵਰਚੁਅਲ ਉਦਘਾਟਨ ਸਮੇਂ ਤਾਂ ਇਸ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਕੀਤੇ ਜਾਣ ਦਾ ਐਲਾਨ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਉਦਘਾਟਨ ਬਾਰੇ ਉਨ੍ਹਾਂ ਨੂੰ ਕੁਝ ਸਮਝ ਨਹੀਂ ਲੱਗੀ ਕਿਉਂਕਿ ਅੱਜ ਨਾ ਤਾਂ ਕੋਈ ਫਲਾਈਟ ਆਈ ਅਤੇ ਨਾ ਹੀ ਬੁਕਿੰਗ ਸ਼ੁਰੂ ਕੀਤੀ ਗਈ। ਸਿਰਫ ਬਿਲਡਿੰਗ ਦਾ ਉਦਘਾਟਨ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਸਨਮਾਨ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਦੇ ਸ਼ਰਧਾਲੂਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8