24 ਘੰਟੇ ਹੋਵੇਗੀ ਕਾਨੂੰਨ ਵਿਵਸਥਾ ਦੀ ਨਜ਼ਰਸਾਨੀ, ਲੱਗਣਗੇ 75 CCTV ਕੈਮਰੇ : ਕੈਬਨਿਟ ਮੰਤਰੀ ਅਰੋੜਾ

08/24/2019 1:28:49 PM

ਹੁਸ਼ਿਆਰਪੁਰ (ਘੁੰਮਣ)— ਕਾਨੂੰਨ ਵਿਵਸਥਾ 'ਤੇ ਹੁਣ ਤੀਜੀ ਅੱਖ ਦੀ ਵੀ ਨਜ਼ਰ ਰਹੇਗੀ ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪਹਿਲਕਦਮੀ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾ ਰਹੇ ਹਨ। ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਜਿੱਥੇ ਪਾਣੀ ਦੀ ਸੰਭਾਲ ਲਈ ਸਕੂਲਾਂ 'ਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾ ਰਹੇ ਹਨ, ਉਥੇ ਹੀ ਆਮ ਜਨਤਾ ਦੀ ਸਹੂਲਤ ਲਈ 14 ਬੱਸ ਕਿਊ ਸ਼ੈਲਟਰ ਵੀ ਲਾਏ ਜਾ ਰਹੇ ਹਨ।ਇਸ ਸਬੰਧੀ ਬੀਤੇ ਦਿਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ 'ਚ ਅਤਿ-ਆਧੁਨਿਕ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦ ਸ਼ਹਿਰ ਦੇ 26 ਪ੍ਰਮੁੱਖ ਸਥਾਨਾਂ 'ਤੇ 75 ਸੀ. ਸੀ. ਟੀ. ਵੀ. ਕੈਮਰੇ ਲਾ ਦਿੱਤੇ ਜਾਣਗੇ। ਪ੍ਰੈੱਸ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐੱਸ. ਐੱਸ. ਪੀ. ਗੌਰਵ ਗਰਗ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ 59 ਲੱਖ ਰੁਪਏ ਦੀ ਲਾਗਤ ਨਾਲ ਨੈੱਟਵਰਕਿੰਗ ਸਮੇਤ ਸੀ. ਸੀ. ਟੀ. ਵੀ. ਕੈਮਰੇ ਲਾਏ ਜਾ ਰਹੇ ਹਨ, ਤਾਂ ਜੋ ਕਾਨੂੰਨ ਵਿਵਸਥਾ ਦੀ ਆਧੁਨਿਕ ਤਰੀਕੇ ਨਾਲ ਵੀ ਨਜ਼ਰਸਾਨੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦਰ ਪੁਲਸ ਥਾਣਾ ਹੁਸ਼ਿਆਰਪੁਰ, ਮਾਡਲ ਟਾਊਨ ਅਤੇ ਸਿਟੀ ਪੁਲਸ ਥਾਣਾ ਹੁਸ਼ਿਆਰਪੁਰ ਵਿਖੇ ਤਿੰਨ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਲਾਉਣ ਦਾ ਪ੍ਰਾਜੈਕਟ ਜ਼ਿਲਾ ਪੁਲਸ ਲਈ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਕਾਇਮ ਰੱਖਣ ਵਿਚ ਸਹਾਈ ਸਾਬਤ ਹੋਵੇਗਾ।
45 ਸਕੂਲਾਂ ਨੂੰ ਦਿੱਤੇ ਗ੍ਰਾਂਟ ਦੇ ਚੈੱਕ
ਸੁੰਦਰ ਸ਼ਾਮ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ 45 ਸਕੂਲਾਂ ਨੂੰ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਉਣ ਅਤੇ ਨਵੇਂ ਟਾਇਲਟ ਬਣਾਉਣ ਲਈ ਸਕੂਲ ਮੁਖੀਆਂ ਨੂੰ 75 ਲੱਖ ਰੁਪਏ ਦੇ ਚੈੱਕ ਵੀ ਸੌਂਪੇ। ਉਨ੍ਹਾਂ ਕਿਹਾ ਕਿ 30 ਸਕੂਲਾਂ ਵਿਚ 60 ਲੱਖ ਰੁਪਏ ਦੀ ਲਾਗਤ ਨਾਲ ਇਹ ਸਿਸਟਮ ਲਾਏ ਜਾ ਰਹੇ ਹਨ, ਤਾਂ ਜੋ ਪਾਣੀ ਦੀ ਸੰਭਾਲ ਕੀਤੀ ਜਾ ਸਕੇ। 15 ਸਕੂਲਾਂ 'ਚ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਾਇਲਟ ਬਣਾਏ ਜਾ ਰਹੇ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇ, ਤਾਂ ਜੋ ਪਾਣੀ ਨੂੰ ਸਾਂਭਣ ਲਈ ਇਕ ਲੋਕ ਲਹਿਰ ਪੈਦਾ ਹੋ ਸਕੇ। ਉਨ੍ਹਾਂ ਕਾਮਨਾ ਕੀਤੀ ਕਿ ਜਿਹੜੇ ਸਕੂਲਾਂ ਵਿਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾ ਰਹੇ ਹਨ, ਉਨ੍ਹਾਂ ਦੇ ਵਿਦਿਆਰਥੀ ਬਰਾਂਡ ਅੰਬੈਸਡਰ ਵਜੋਂ ਇਸ ਮੁਹਿੰਮ ਨੂੰ ਅੱਗੇ ਤੱਕ ਲਿਜਾਣਗੇ, ਤਾਂ ਜੋ ਪਾਣੀ ਨੂੰ ਸਾਂਭਿਆ ਜਾ ਸਕੇ।

ਪ੍ਰੈੱਸ ਕਾਨਫਰੰਸ ਉਪਰੰਤ ਉਦਯੋਗ ਅਤੇ ਵਣਜ ਮੰਤਰੀ ਨੇ ਸਰਕਾਰੀ ਕਾਲਜ ਰੋਡ ਹੁਸ਼ਿਆਰਪੁਰ ਵਿਖੇ ਪਹਿਲੇ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ 'ਚ 14 ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ। ਅੱਜ ਪਹਿਲਾ ਬੱਸ ਕਿਊ ਸ਼ੈਲਟਰ ਜਨਤਾ ਨੂੰ ਸਮਰਪਤ ਕਰ ਦਿੱਤਾ ਗਿਆ ਹੈ। ਜਿੱਥੇ ਆਮ ਜਨਤਾ ਨੂੰ ਇਨ੍ਹਾਂ ਦਾ ਫਾਇਦਾ ਹੋਵੇਗਾ, ਉਥੇ ਹੀ ਨਗਰ ਨਿਗਮ ਦੀ ਇਥੇ ਇਸ਼ਤਿਹਾਰਬਾਜ਼ੀ ਕਰਨ ਨਾਲ ਆਮਦਨ 'ਚ ਵੀ ਵਾਧਾ ਹੋਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸਭ ਤੋਂ ਬਿਹਤਰੀਨ ਉਦਯੋਗਿਕ ਨੀਤੀ ਬਣਾਈ ਗਈ ਹੈ, ਜਿਸ ਕਾਰਨ ਸੂਬੇ ਵਿਚ ਵੱਡੇ-ਵੱਡੇ ਉਦਯੋਗ ਸਥਾਪਤ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਜਿਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਸੈਂਚੁਰੀ ਪਲਾਈਵੁੱਡ ਪਾਰਕ, ਕੋਕਾ ਕੋਲਾ ਯੂਨਿਟ ਤੋਂ ਇਲਾਵਾ ਹੋਰ ਵੀ ਉਦਯੋਗਿਕ ਯੂਨਿਟ ਚੱਲ ਰਹੇ ਹਨ, ਉਥੇ ਹੀ ਜਲਦ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿਚ ਪਲਾਈਵੁੱਡ ਪਾਰਕ ਵੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਨੈੱਟਵਰਕਿੰਗ ਸਮੇਤ ਸੀ. ਸੀ. ਟੀ. ਵੀ. ਕੈਮਰੇ ਲੱਗਣ ਨਾਲ ਜ਼ਿਲਾ ਪੁਲਸ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਕਾਫੀ ਮਦਦ ਮਿਲੇਗੀ। ਇਸ ਤੋਂ ਇਲਾਵਾ ਸਕੂਲਾਂ 'ਚ ਲਾਏ ਜਾ ਰਹੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਪਾਣੀ ਦੀ ਸੰਭਾਲ ਲਈ ਕਾਰਗਰ ਸਾਬਤ ਹੋਣਗੇ। ਕੈਬਨਿਟ ਮੰਤਰੀ ਅਰੋੜਾ ਦੀ ਪਹਿਲਕਦਮੀ ਨਾਲ ਸ਼ੁਰੂ ਕੀਤੇ ਜਾ ਰਹੇ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲਾ ਸਿੱਖਿਆ ਅਫਸਰ ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

shivani attri

This news is Content Editor shivani attri