ਕੈਬਨਿਟ ਮੰਤਰੀ ਅਰੋੜਾ ਵੱਲੋਂ ਦੇਰ ਰਾਤ ਸਿਵਲ ਹਸਪਤਾਲ ਦਾ ਦੌਰਾ

02/01/2020 1:08:18 PM

ਹੁਸ਼ਿਆਰਪੁਰ (ਘੁੰਮਣ)— ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ 'ਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਨਾਲ-ਨਾਲ ਕੋਰੋਨਾ ਵਾਇਰਸ ਸਬੰਧੀ ਹਸਪਤਾਲ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।

ਅਰੋੜਾ ਵੀਰਵਾਰ ਦੇਰ ਰਾਤ ਅਚਾਨਕ ਸਿਵਲ ਹਸਪਤਾਲ ਪਹੁੰਚ ਗਏ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਸਿਵਲ ਸਰਜਨ ਅਤੇ ਐੱਸ. ਐੱਮ. ਓ. ਵੀ ਹਸਪਤਾਲ ਪਹੁੰਚ ਗਏ। ਇਸ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੀ ਸਫਾਈ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਸਫਾਈ ਵਿਵਸਥਾ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ ਸਫਾਈ ਸੇਵਕਾਂ ਦੀ ਘਾਟ ਹੈ, ਜਿਨ੍ਹਾਂ ਦੀ ਗਿਣਤੀ ਵਧਾਉਣ ਦੀ ਮਨਜ਼ੂਰੀ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਅਰੋੜਾ ਨੇ ਹਸਪਤਾਲ ਦੇ ਐਮਰਜੈਂਸੀ ਡਵੀਜ਼ਨ, ਬਲੱਡ ਬੈਂਕ ਅਤੇ ਲੈਬਾਰਟਰੀ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਹਸਪਤਾਲ 'ਚ ਉਪਲੱਬਧ ਦਵਾਈਆਂ ਦੇ ਸਟਾਕ ਨੂੰ ਵੀ ਚੈੱਕ ਕੀਤਾ। ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਵਾਈਆਂ ਹਸਪਤਾਲ ਵਿਚ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਅਰੋੜਾ ਨੇ ਐਂਬੂਲੈਂਸ ਚੈੱਕ ਕਰਨ ਲਈ ਡਰਾਈਵਰ ਨੂੰ ਵੀ ਬੁਲਾਇਆ ਅਤੇ ਚੈੱਕ ਕੀਤਾ ਕਿ ਕਿੰਨੀ ਦੇਰ ਵਿਚ ਹਸਪਤਾਲ 'ਚੋਂ ਐਂਬੂਲੈਂਸ ਮਰੀਜ਼ ਤੱਕ ਪਹੁੰਚਦੀ ਹੈ ਅਤੇ ਕਿੰਨੀ ਦੇਰ ਵਿਚ ਉਸ ਨੂੰ ਹਸਪਤਾਲ ਲੈ ਕੇ ਆਉਂਦੀ ਹੈ। ਉਨ੍ਹਾਂ ਹਸਪਤਾਲ 'ਚ ਮਰੀਜ਼ਾਂ ਅਤੇ ਆਉਣ ਵਾਲੇ ਲੋਕਾਂ ਲਈ ਲੱਗੇ ਵਾਟਰ ਪਿਊਰੀਫਾਇਰ ਤੋਂ ਪਾਣੀ ਪੀਤਾ ਅਤੇ ਤਸੱਲੀ ਪ੍ਰਗਟ ਕੀਤੀ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਸਰਕਾਰੀ ਦਫਤਰਾਂ ਦਾ ਅਚਨਚੇਤ ਨਿਰੀਖਣ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਥਾਣਾ ਮਾਡਲ ਟਾਊਨ ਦੀ ਵੀ ਚੈਕਿੰਗ ਕੀਤੀ। ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਸੁਰਿੰਦਰ ਪਾਲ ਸਿੱਧੂ, ਰਜਨੀਸ਼ ਟੰਡਨ ਅਤੇ ਮਨਮੋਹਨ ਸਿੰਘ ਕਪੂਰ ਵੀ ਮੌਜੂਦ ਸਨ।


shivani attri

Content Editor

Related News