ਸਫ਼ਾਈ ਸੇਵਕਾਂ ਨੇ ਹੜਤਾਲ ਕਰਕੇ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Thursday, Jun 03, 2021 - 04:38 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ 23ਵੇਂ ਦਿਨ ਸੰਘਰਸ਼ ਕਰ ਰਹੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕੀਤਾ ਹੈ। ਧਰਨੇ ਵਿੱਚ ਸ਼ਾਮਲ ਹੋਏ ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਲੱਖੀ ਨੇ ਸਾਬਕਾ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਕੌਂਲਸਰ ਸੁਮਨ ਖੋਸਲਾ, ਗਗਨ ਭੱਟੀ, ਸੋਨੂ ਖੰਨਾ, ਨਿਖਲੇਸ਼ ਜਸਰਾ, ਪੰਕਜ ਕੁਮਾਰ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਟਾਂਡਾ ਦੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਤ ਕਰਦੇ ਹੋਏ ਆਖਿਆ ਕਿ ਸੂਬਾ ਸਰਕਾਰ ਨੇ ਚੋਣਾਂ ਸਮੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਉਪਰੰਤ ਉਨ੍ਹਾਂ ਨੂੰ ਵਿਸਾਰ ਦਿੱਤਾ ਅਤੇ ਅੱਜ ਸੂਬੇ ਦੇ ਹਜ਼ਾਰਾਂ ਸਫ਼ਾਈ ਸੇਵਕ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਲਾਉਣ ਲਈ ਮਜ਼ਬੂਰ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਇਸ ਮਹੀਨੇ ਤੋਂ ਧੀਆਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਸ਼ਗਨ
ਉਨ੍ਹਾਂ ਆਖਿਆ ਕੋਰੋਨਾਂ ਮਹਾਮਾਰੀ ਦੌਰਾਨ ਫਰੰਟ ਲਾਈਨ ਯੋਧੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਲਦ ਪੂਰੀਆਂ ਕਰਕੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇਸ ਸੰਘਰਸ਼ ਵਿੱਚ ਸਾਥ ਦੇਣਗੇ। ਇਸ ਮੌਕੇ ਪ੍ਰਧਾਨ ਮਾਇਆ, ਤਰਸੇਮ ਲਾਲ, ਦੀਪਕ ਅਤੇ ਸਮੂਹ ਯੂਨੀਅਨ ਮੈਂਬਰ ਮੌਜੂਦ ਸਨ। ਇਸੇ ਤਰਾਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ ਦੀ ਅਗਵਾਈ ਵਿੱਚ ਵੀ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਭਾਗ ਲੈ ਕੇ ਉਨ੍ਹਾਂ ਦੇ ਸੰਘਰਸ਼ ਵਿੱਚ ਸਾਥ ਦਿੱਤਾ ਸੀ।
ਇਹ ਵੀ ਪੜ੍ਹੋ: ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ