ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਕੱਢਿਆ ਗਿਆ ਮਹਾਨ ਨਗਰ ਕੀਰਤਨ

02/07/2020 5:25:58 PM

ਟਾਂਡਾ ਉੜਮੁੜ੍ਹ (ਮੋਮੀ, ਸ਼ਰਮਾ) - ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਜਾਜਾ ਵਿਖੇ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਦੀ ਨੌਜਵਾਨ ਸਭਾ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ’ਚ ਸਭ ਤੋਂ ਪਹਿਲਾਂ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਆਰੰਭ ਹੋਏ ਨਗਰ ਕੀਰਤਨ ’ਚ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਚੌਕਾਂ ’ਚ ਪਹੁੰਚਣ ’ਤੇ ਸੇਵਾਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਦੀ ਸੇਵਾ ਲਈ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਸਮੁੱਚੇ ਪਿੰਡ ਦੀ ਪ੍ਰਕਰਮਾ ਕਰਨ ਉਪਰੰਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਕਿ ਭਲਕੇ ਨੌਂ ਫਰਵਰੀ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ’ਚ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 


rajwinder kaur

Content Editor

Related News