ਕਾਂਗਰਸ ਤੇ ‘ਆਪ’ ਦਰਮਿਆਨ ਚੋਣ ਗਠਜੋੜ ਨੂੰ ਲੈ ਕੇ ਨਹੀਂ ਚੱਲ ਰਹੀ ਕੋਈ ਗੱਲਬਾਤ
Wednesday, Mar 13, 2019 - 10:10 AM (IST)

ਜਲੰਧਰ/ਚੰਡੀਗੜ੍ਹ, (ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿਚ ਕਾਂਗਰਸ ਨਾਲ ਤਾਲਮੇਲ ਜਾਂ ਚੋਣ ਗਠਜੋੜ ਕਰਨ ਬਾਰੇ ਚੱਲ ਰਹੀ ਗੱਲਬਾਤ ਦਾ ਦਾਅਵਾ ਬਿਲਕੁੱਲ ਗਲਤ ਹੈ ਕਿਉਂਕਿ ਕਾਂਗਰਸ ਪੰਜਾਬ ਵਿਚ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਚੋਣ ਗਠਜੋੜ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਕਿਸੇ ਨਾਲ ਚੋਣ ਗਠਜੋੜ ਕਰਨ ਦੀ ਲੋੜ ਵੀ ਨਹੀਂ ਹੈ ਕਿਉਂਕਿ ਲੋਕ ਕਾਂਗਰਸ ਦੇ ਨਾਲ ਖੜ੍ਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਆਪਣੇ ਦਮ ’ਤੇ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਕਾਂਗਰਸ ਲੋਕ ਸਭਾ ਦੀਆਂ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਪਾਰਟੀ ਨੇ ਕੌਮੀ ਪੱਧਰ ’ਤੇ ਮੰਗਲਵਾਰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਗੁਜਰਾਤ ਨੂੰ ਚੁਣਿਆ। ਇਸ ਤੋਂ ਕਾਂਗਰਸੀ ਵਰਕਰਾਂ ਵਿਚ ਪਾਏ ਜਾ ਰਹੇ ਉਤਸ਼ਾਹ ਦਾ ਵੀ ਪਤਾ ਲੱਗਦਾ ਹੈ।
ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਅਗਲੀ ਬੈਠਕ ਇਸ ਹਫਤੇ ਦੇ ਅੰਤ ਤੱਕ ਦਿੱਲੀ ਵਿਚ ਕਰੇਗੀ। ਕਾਂਗਰਸ ਨੂੰ ਅਜੇ ਕਾਹਲ ਵੀ ਨਹੀਂ ਕਿਉਂਕਿ ਸੂਬੇ ਵਿਚ ਚੋਣਾਂ ਅਜੇ ਦੋ ਮਹੀਨਿਆਂ ਬਾਅਦ ਹੋਣੀਆਂ ਹਨ। ਪਾਰਟੀ ਨੂੰ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਲਈ ਚੌਖਾ ਸਮਾਂ ਮਿਲ ਗਿਆ ਹੈ। ਪੰਜਾਬ ਵਿਚ ਪੋਲਿੰਗ ਦੇ ਆਖਰੀ ਪੜਾਅ ਵਿਚ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਜਿਸ ਕਾਰਨ ਉਹ ਇਸ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕਰਨਗੇ।
ਕੈਪਟਨ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਸਿਸ਼ਟਾਚਾਰ ਭਰੀ ਮੁਲਾਕਾਤ ਕਰਨ ਗਏ ਸਨ। ਬੈਠਕ ਵਿਚ ਡਾ. ਮਨਮੋਹਨ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਨ ਬਾਰੇ ਕੋਈ ਚਰਚਾ ਨਹੀਂ ਹੋਈ ਸੀ। ਮਨਮੋਹਨ ਸਿੰਘ ਨੂੰ ਕਾਂਗਰਸ ਦੀਆਂ ਯੋਜਨਾਵਾਂ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਸੂਬੇ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹਾਈਕਮਾਨ ’ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਚੋਣਾਂ ਵਿਚ ਉਹ ਕਿਹੜੇ ਆਗੂਆਂ ਦੇ ਨਾਵਾਂ ਨੂੰ ਸਟਾਰ ਪ੍ਰਚਾਰਕਾਂ ਵਜੋਂ ਚੁਣਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨੀ ਕਬਜ਼ੇ ਹੇਠਲੇ ਕਸ਼ਮੀਰ ਵਿਚ ਹਵਾਈ ਹਮਲੇ ਕੀਤੇ ਜਾਣ ਦਾ ਭਾਜਪਾ ਨੂੰ ਕੋਈ ਲਾਭ ਨਹੀਂ ਮਿਲੇਗਾ ਕਿਉਂਕਿ ਭਾਰਤੀ ਫੌਜੀਆਂ ਨੂੰ ਪਾਕਿਸਤਾਨੀ ਫੌਜੀਆਂ ਵਲੋਂ ਰੋਜ਼ਾਨਾ ਹੀ ਆਪਣੀਆਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਭਾਰਤੀ ਫੌਜ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਭਾਰਤੀ ਫੌਜ ਨੂੰ ਸਿਆਸਤ ਤੋਂ ਦੂਰ ਹੀ ਰੱਖਿਆ ਜਾਣਾ ਚੰਗਾ ਹੋਵੇਗਾ। ਮੁੱਖ ਮੰਤਰੀ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਕਿ ਸਰਹੱਦਾਂ ’ਤੇ ਖਿਚਾਅ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਪਾਕਿਸਤਾਨ ਨੇ ਵੀ ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਲਾਂਘੇ ’ਤੇ ਕੋਈ ਉਲਟ ਅਸਰ ਨਹੀਂ ਪਏਗਾ। ਅਸਲ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੋਵਾਂ ਦੇਸ਼ਾਂ ਦੇ ਲੋਕ ਹੀ ਚਾਹੁੰਦੇ ਹਨ।
ਫੌਜੀ ਅਧਿਕਾਰੀ ਮਿਲੇ ਕੈਪਟਨ ਨੂੰ
16 ਪੰਜਾਬ ਦੇ ਸੀ. ਓ. ਕਰਨਲ ਰਮੇਸ਼ ਡਾਬਰ ਨੇ ਸਾਥੀ ਫੌਜੀ ਅਧਿਕਾਰੀਆਂ ਨਾਲ ਮੰਗਲਵਾਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਨਿਵਾਸ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ 1963 ਦੀਆਂ ਯਾਦਾਂ ਤਾਜ਼ਾ ਹੋ ਗਈਆਂ, ਜਦੋਂ ਅਮਰਿੰਦਰ ਸਿੰਘ ਨੂੰ ਭਾਰਤੀ ਫੌਜ ਵਿਚ ਕਮਿਸ਼ਨ ਮਿਲਿਆ ਸੀ ਅਤੇ ਉਨ੍ਹਾਂ ਦੀ ਪਹਿਲੀ ਨਿਯੁਕਤੀ ਕੋਰਿਕ ਨਾਮੀ ਥਾਂ ’ਤੇ ਹੋਈ ਸੀ। ਫੌਜੀ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਦੇਸ਼ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ।