ਪਿਸਤੌਲ ਦੀ ਨੋਕ ’ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ

06/20/2019 5:32:41 AM

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- 3 ਜ਼ਿਲਿਆਂ ’ਚ ਪਿਸਤੌਲ ਦੀ ਨੋਕ ’ਤੇ 2 ਦਰਜਨ ਤੋਂ ਵੱਧ ਲੁੱਟ-ਖੋਹ ਅਤੇ ਚੋਰੀ ਦੇ ਮਾਮਲਿਆਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਕੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ, ਦੇਸੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਲੁੱਟੇ ਗਏ ਗਹਿਣੇ ਬਰਾਮਦ ਕੀਤੇ ਹਨ। ਜਦੋਂਕਿ ਮੁਲਜ਼ਮ ਦੇ ਦੂਸਰੇ ਸਾਥੀ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਐੱਸ.ਪੀ. (ਜਾਂਚ) ਵਜ਼ੀਰ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅਜੀਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿਸਤੌਲ ਦੀ ਨੋਕ ’ਤੇ ਲੁੱਟ-ਖੋਹ ਦੀਆਂ 30 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ’ਚੋਂ ਰੌਸ਼ਨ ਲਾਲ ਉਰਫ ਮਨਜੀਤ ਪੁੱਤਰ ਧਰਮਚੰਦ ਵਾਸੀ ਟਿੱਬੀ ਮੁਹੱਲਾ ਫਗਵਾਡ਼ਾ ਜ਼ਿਲਾ ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਅਤੇ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ, ਦੇਸੀ ਪਿਸਤੌਲ 35 ਬੋਰ, 3 ਜ਼ਿੰਦਾ ਕਾਰਤੂਸ ਅਤੇ ਲੁੱਟੇ ਗਏ ਗਹਿਣਿਆਂ ’ਚੋਂ 3 ਜੋਡ਼ੇ ਵਾਲੀਆਂ ਸੋਨੇ ਦੇ, 2 ਜੋਡ਼ੇ ਟਾਪਸ ਬਰਾਮਦ ਕੀਤੇ ਹਨ। ਖਹਿਰਾ ਨੇ ਦੱਸਿਆ ਕਿ ਪੁਲਸ ਨੂੰ ਨਵਾਂਸ਼ਹਿਰ ਦੇ ਹਰਿਗੋਬਿੰਦ ਨਗਰ ਵਾਸੀ ਪਰਮਿੰਦਰ ਕੌਰ ਪੁੱਤਰੀ ਹਾਕਮ ਰਾਏ ਨੇ ਦੱਸਿਆ ਸੀ ਕਿ ਜਦੋਂ ਉਹ ਆਪਣੀ ਮਾਤਾ ਮਨਜੀਤ ਕੌਰ ਨਾਲ ਆਪਣੀ ਸਕੂਟਰੀ ’ਤੇ ਘਰ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਪਿਸਤੌਲ ਦੀ ਨੋਕ ’ਤੇ ਉਸ ਦੀ ਮਾਤਾ ਦੇ ਕੰਨਾਂ ’ਚੋਂ ਵਾਲੀਆਂ ਉਤਾਰ ਕੇ ਮੌਕੇ ’ਤੇ ਫਰਾਰ ਹੋ ਗਏ ਸਨ। ਪੁਲਸ ਨੇ ਉਪਰੋਕਤ ਸ਼ਿਕਾਇਤ ਦੇ ਆਧਾਰ ’ਤੇ 7 ਅਕਤੂਬਰ 2018 ਨੂੰ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਸੀ।

ਖਹਿਰਾ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਦੀ ਪ੍ਰਧਾਨਗੀ ਹੇਠ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੇ ਪਿਸਤੌਲ ਦੀ ਨੋਕ ’ਤੇ ਰਾਹਗੀਰਾਂ ਤੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸਵੀਕਾਰ ਕੀਤਾ ਹੈ। ਖਹਿਰਾ ਨੇ ਦੱਸਿਆ ਕਿ ਰੌਸ਼ਨ ਲਾਲ ਦੇ ਖਿਲਾਫ ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲਿਆਂ ਦੇ ਵੱਖ-ਵੱਖ ਥਾਣਿਆਂ ਵਿਚ 30 ਤੋਂ ਵੱਧ ਮਾਮਲੇ ਦਰਜ ਹਨ। ਉਪਰੋਕਤ ਦੋਵਾਂ ਲੁਟੇਰਿਆਂ ਵੱਲੋਂ ਨਵਾਂਸ਼ਹਿਰ, ਬੰਗਾ, ਬਲਾਚੌਰ ਰਾਹੋਂ ਆਦਿ ਖੇਤਰਾਂ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਟਰੇਸ ਕਰ ਲਿਆ ਗਿਆ ਹੈ। ਜਲਦ ਹੀ ਦੂਜੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 1 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।


Bharat Thapa

Content Editor

Related News