ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿੰਰਗਾ, ਲੋਕਾਂ ਨੂੰ ਰਲ ਮਿਲਕੇ ਕੋਵਿਡ ਵਿਰੁੱਧ ਜੰਗ ਜਿੱਤਣ ਦਾ ਸੱਦਾ
Sunday, Aug 15, 2021 - 02:36 PM (IST)
ਕਪੂਰਥਲਾ (ਵਿਪਨ ਮਹਾਜਨ) ਕਪੂਰਥਲਾ ਵਿਖੇ ਆਜ਼ਾਦੀ ਦਿਹਾੜੇ ਦੀ 75ਵੀਂ ਵਰੇਗੰਢ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿੰਰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਿਭਾਈ ਗਈ। ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਸ, ਹੋਮਗਾਰਡਜ਼, ਐਨ.ਸੀ.ਸੀ. ਵਲੋਂ ਕੀਤੀ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਐਸ.ਪੀ. ਕਪੂਰਥਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਤੇ ਪਰੇਡ ਕਮਾਂਡਰ ਕਮਲਜੀਤ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਜਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਆਜ਼ਾਦੀ ਦੀ ਲਹਿਰ ਵਿਚ ਕੁਰਬਾਨੀਆਂ ਦੇਣ ਵਾਲਿਆਂ ਨੂੰ ਯਾਦ ਕੀਤਾ। ਉਨਾਂ ਕਿਹਾ ਕਿ ਦੁਆਬੇ ਦੀ ਧਰਤੀ ਤੇ ਪੰਜਾਬੀਆਂ ਵਲੋਂ ਅਜਾਦੀ ਸੰਘਰਸ਼ ਵਿਚ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੋਵਿਡ ਨੇ ਪਿਛਲੇ ਲਗਭਗ 2 ਸਾਲ ਤੋਂ ਮਨੁੱਖਤਾ ਦੀ ਹੋਂਦ ਨੂੰ ਚੁਣੌਤੀ ਦਿੱਤੀ ਹੈ ਪਰ ਸਭ ਦੇ ਸਾਂਝੇ ਯਤਨਾਂ ਨਾਲ ਅਸੀਂ ਪਹਿਲੀਆਂ ਦੋ ਲਹਿਰਾਂ ਨੂੰ ਮਾਤ ਦੇਣ ਵਿਚ ਕਾਮਯਾਬ ਹੋਏ ਹਾਂ। ਕਪੂਰਥਲਾ ਜਿਲ੍ਹੇ ਵਿਚ ਹੁਣ ਤੱਕ ਰਿਕਾਰਡ 5 ਲੱਖ 45 ਹਜ਼ਾਰ ਲੋਕਾਂ ਦੇ ਕੋਵਿਡ ਸੈਂਪਲ ਇਕੱਤਰ ਕੀਤੇ ਗਏ ਹਨ ਤੇ 3 ਲੱਖ ਲੋਕਾਂ ਦੀ ਵੈਕਸੀਨੇਸ਼ਨ ਹੋ ਗਈ ਹੈ। ਇਸ ਤੋਂ ਇਲਾਵਾ ਫਗਵਾੜਾ ਵਿਖੇ 500 ਲੀਟਰ ਪ੍ਰਤੀ ਮਿੰਟ ਅਤੇ ਕਪੂਰਥਲਾ ਵਿਖੇ 1000 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਹਾਲ ਹੀ ਵਿਚ ਟੋਕੀਓ ਓਲੰਪਿਕ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ, ਕੋਚਿੰਗ ਸਟਾਫ ਦੇ ਨਾਲ-ਨਾਲ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਅੰਦਰ ਖੇਡ ਸੱਭਿਆਚਾਰ ਪੈਦਾ ਹੋਇਆ ਹੈ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲੱਗੀ ਹੈ। ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵੀ ਕਪੂਰਥਲਾ ਜਿਲ੍ਹਾ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਚਾਰ ਨਵੇਂ ਮੈਡੀਕਲ ਕਾਲਜਾਂ ਵਿਚੋਂ ਇੱਕ ਕਾਲਜ ਕਪੂਰਥਲਾ ਵਿਖੇ ਬਣਾਇਆ ਜਾ ਰਿਹਾ ਹੈ। ਇਸ ਲਈ 2021-22 ਦੇ ਬਜਟ ਦੌਰਾਨ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖਬਰ -ਅਫਗਾਨਿਸਤਾਨ : ਰਾਜਧਾਨੀ ਕਾਬੁਲ 'ਚ ਦਾਖਲ ਹੋਏ ਤਾਲਿਬਾਨੀ ਅੱਤਵਾਦੀ, ਬਾਰਡਰ 'ਤੇ ਵੀ ਕੀਤਾ ਕਬਜ਼ਾ
ਪੰਜਾਬ ਸਰਕਾਰ ਵਲੋਂ ਕਪੂਰਥਲਾ ਨੇੜੇ ਸਥਿਤ ਪੀ.ਟੀ.ਯੂ ਵਿਖੇ ਡਾ.ਬੀ.ਆਰ ਅੰਬੇਡਕਰ ਇੰਸਟੀਚਿਊਟ ਆਫ ਮੈਨੇਜਮੈਂਟ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ 'ਤੇ 100 ਕਰੋੜ ਰੁਪਏ ਖਰਚ ਹੋਣਗੇ। ਇਸ ਤੋਂ ਇਲਾਵਾ ਡਾ.ਬੀ.ਆਰ ਅੰਬੇਡਕਰ ਮਿਊਜੀਅਮ ਵੀ ਸਥਾਪਿਤ ਕੀਤਾ ਜਾਵੇਗਾ।ਪੰਜਾਬ ਸਰਕਾਰ ਵਲੋਂ 164 ਸਾਲ ਪੁਰਾਣੇ ਨਵਾ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਕਾਰੀ ਸੈਨਿਕ ਸਕੂਲ ਕਪੂਰਥਲਾ ਲਈ ਵੀ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ 22.50 ਕਰੋੜ ਰੁਪਏ ਦੀ ਲਾਗਤ ਨਾਲ ਇੰਸਟੀਚਿਊਟ ਆਫ ਡਰਾਈਵਿੰਗ ਅਤੇ ਟ੍ਰੈਫਿਕ ਰਿਸਰਚ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਕਪੂਰਥਲ਼ਾ ਵਿਖੇ ਹੀ 17.16 ਕਰੋੜ ਰੁਪਏ ਦੀ ਲਾਗਤ ਨਾਲ ਵਹੀਕਲ ਇੰਸਪੈਕਸ਼ਨ ਐਂਡ ਸਰਟੀਫਿਕੇਸ਼ਨ ਸੈਂਟਰ ਕਪੂਰਥਲਾ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਤਹਿਤ ਸਾਲਾਨਾ 72 ਹਜ਼ਾਰ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਅੰਤਰ ਰਾਸ਼ਟਰੀ ਪੱਧਰ ਦੀ ਕਾਂਜਲੀ ਵੈੱਟ ਲੈਂਡ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਵਜੋਂ ਸੁਲਤਾਨਪੁਰ ਲੋਧੀ ਵਿਖੇ ਲਗਭਗ 174 ਕਰੋੜ ਰੁਪੈ ਦੇ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹੇ ਭਰ ਵਿਚ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਵਿਲੇਜ਼’ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ’ਤੇ ਜ਼ਮੀਨ ਦੇ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦੇਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਪੂਰਥਲਾ ਜਿਲ੍ਹੇ ਦੇ ਕਿਸਾਨ ਵੀਰਾਂ ਨੂੰ ਸਭ ਤੋਂ ਜ਼ਿਆਦਾ ਲਾਭ ਹੋਵੇਗਾ।