ਫਿਲੌਰ ਦੇ ਕਿਸਾਨ ਹੋਰਾਂ ਲਈ ਬਣ ਰਹੇ ਨੇ ਉਦਾਹਰਨ, ਪਰਾਲੀ ਨੂੰ ਅੱਗ ਲਾਏ ਬਗੈਰ ਕਰਦੇ ਨੇ ਖੇਤੀ

10/12/2023 1:41:05 PM

ਫਿਲੌਰ /ਜਲੰਧਰ : ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਬਲਾਕ ਫਿਲੌਰ ਦੇ ਕਿਸਾਨ ਪਰਾਲੀ ਪ੍ਰਬੰਧਨ ਵਿੱਚ ਹੋਰਨਾਂ ਲਈ ਰਾਹ ਦਸੇਰਾ ਬਣਨ ਲੱਗੇ ਹਨ। ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਨਾ ਸਿਰਫ਼ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾਇਆ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ।

ਪਿੰਡ ਮੋਤੀਪੁਰ ਖਾਲਸਾ ਦੇ ਪ੍ਰਗਤੀਸ਼ੀਲ ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਝੋਨਾ ਵੱਢਣ ਤੋਂ ਬਾਅਦ ਸਮੁੱਚੀ 100 ਏਕੜ ਜ਼ਮੀਨ ਵਿੱਚ ਮਲਚਰ ਫੇਰਨ ਉਪਰੰਤ ਆਰ.ਐਮ.ਬੀ. ਪੁਲਾਓ ਨਾਲ ਪਰਾਲੀ ਨੂੰ ਖੇਤਾਂ ਵਿੱਚ ਦੱਬ ਕੇ ਆਲੂ ਬੀਜਿਆ ਜਾਂਦਾ ਹੈ। ਅਗਾਂਹਵਧੂ ਕਿਸਾਨ ਨੇ ਕਿਹਾ ਕਿ ਇਸ ਨਾਲ ਜਿਥੇ ਪਰਾਲੀ ਨੂੰ ਅੱਗ ਲਾਉਣ ਦੀ ਲੋੜ ਨਹੀਂ ਪੈਂਦੀ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ ਰਸਾਇਣਿਕ ਖਾਦਾਂ ਦੀ ਵਰਤੋਂ ਪਹਿਲਾਂ ਨਾਲੋਂ ਘੱਟ ਕਰਨੀ ਪੈ ਰਹੀ ਹੈ।

ਇਹ ਵੀ ਪੜ੍ਹੋ : ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ

ਇਸੇ ਤਰ੍ਹਾਂ ਪਿੰਡ ਮੁਠੱਡਾ ਖੁਰਦ ਦੇ ਕਿਸਾਨ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਸਗੋਂ 20 ਏਕੜ ਜ਼ਮੀਨ ਵਿੱਚ ਸੁਪਰਸੀਡਰ ਨਾਲ ਬਿਜਾਈ ਕੀਤੀ ਜਾਂਦੀ ਹੈ। ਕਿਸਾਨ ਨੇ ਦੱਸਿਆ ਕਿ ਸੁਪਰਸੀਡਰ ਮਸ਼ੀਨ ਦੀ ਮਦਦ ਨਾਲ ਕਿਸਾਨਾਂ ਨੂੰ ਦੁੱਗਣਾ ਫਾਇਦਾ ਹੋ ਰਿਹਾ ਹੈ। ਇਸ ਨਾਲ ਕਿਸਾਨ ਸਿਰਫ਼ ਇਕ ਘੰਟੇ ਵਿੱਚ ਇਕ ਏਕੜ ਜ਼ਮੀਨ ਵਿੱਚ ਕਣਕ ਦੀ ਬਿਜਾਈ ਕਰ ਸਕਦੇ ਹਨ ਅਤੇ ਪਰਾਲੀ ਨੂੰ ਸਾੜਨ ਦੀ ਜ਼ਰੂਰਤ ਵੀ ਨਹੀਂ ਪੈਂਦੀ।

ਪਿੰਡ ਰਾਜਪੁਰਾ ਦੇ ਕਿਸਾਨ ਜਸਵਿੰਦਰ ਸਿੰਘ, ਜੋ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੀ 20 ਏਕੜ ਜ਼ਮੀਨ ਵਿੱਚ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੁਪਰਸੀਡਰ ਮਸ਼ੀਨ ਰਾਹੀਂ ਪਰਾਲੀ ਨੂੰ ਸਾੜੇ ਬਿਨਾਂ ਸਿੱਧਾ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। 

ਪਿੰਡ ਹਰੀਪੁਰ ਖਾਲਸਾ ਦੇ ਕਿਸਾਨ ਪਰਮਜੀਤ ਮੱਲ ਨੇ ਦੱਸਿਆ ਕਿ ਉਹ ਸੁਪਰ ਐਸ.ਐਮ.ਐਸ. ਨਾਲ ਝੋਨੇ ਦੀ ਕਟਾਈ ਕਰਕੇ ਬਾਅਦ ਵਿੱਚ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ ਅਤੇ ਪਿਛਲੇ 7 ਸਾਲਾਂ ਤੋਂ ਲਗਾਤਾਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁੰਦੇ ਆ ਰਹੇ ਹਨ। ਇਸੇ ਪਿੰਡ ਦੇ ਕਿਸਾਨ ਪਰਵਿੰਦਰ ਸਿੰਘ ਵੱਲੋਂ 25 ਏਕੜ ਜ਼ਮੀਨ ਵਿੱਚ ਬੀਜੇ ਝੋਨੇ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਚੁਕਵਾ ਕੇ ਬਾਅਦ ਵਿੱਚ ਰੋਟਾਵੇਟਰ ਨਾਲ ਫ਼ਸਲ ਦੀ ਬਿਜਾਈ ਕੀਤੀ ਜਾਂਦੀ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਉਹ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਦੇ ਆ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ ਉਥੇ ਫ਼ਸਲਾਂ ਲਈ ਲਾਹੇਵੰਦ ਜ਼ਮੀਨ ਵਿੱਚ ਮੌਜੂਦ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ।ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਪਹਿਲਾਂ ਹੀ 5618 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ, ਗਰੁੱਪਾਂ ਰਾਹੀਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 857 ਹੋਰ ਮਸ਼ੀਨਾਂ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 425 ਮਸ਼ੀਨਾਂ ਕਿਸਾਨਾਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha