ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ
03/20/2023 1:37:53 PM

ਮੁਕੇਰੀਆਂ (ਨਾਗਲਾ)-ਕਰੀਬ ਡੇਢ ਸਾਲ ਤੋਂ ਲਟਕ ਰਹੇ ਸਿਵਲ ਹਸਪਤਾਲ ਮੁਕੇਰੀਆਂ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉੱਥੇ ਹੀ ਸਰਕਾਰ ਕਿਸਾਨਾਂ ਨੂੰ ਖੇਤੀ ਕੰਮਾਂ ਵਿਚ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਨਹਿਰਾਂ ਦੇ ਪੁਨਰ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਏ ਪੰਜਾਬ ਦੇ ਹਾਲਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਹਰ ਹਾਲ ’ਚ ਕਾਨੂੰਨ ਵਿਵਸਥਾ ਬਹਾਲ ਰੱਖੇਗੀ ਅਤੇ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਕਰੇਗੀ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਕੋਨੇ-ਕੋਨੇ ’ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ, ਇੰਟਰਨੈੱਟ ਸੇਵਾਵਾਂ ਅੱਜ ਵੀ ਰਹਿਣਗੀਆਂ ਬੰਦ
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਮੈਡਮ ਪ੍ਰਵੀਨ ਸੈਣੀ, ਡੀ. ਐੱਸ. ਪੀ. ਕੁਲਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਤਰਸੇਮ ਲਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਬਾਅਦ ਉਨ੍ਹਾਂ ਉੱਪ ਮੰਡਲ ਮੁਕੇਰੀਆਂ ’ਚ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 3 ਵਾਟਰ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਜਿਨ੍ਹਾਂ ’ਚ ਪਿੰਡ ਕਾਲਾਮੰਝ ’ਚ 33.80 ਲੱਖ, ਪਿੰਡ ਸ਼ਹਿਰਕੋਵਾਲ ਵਿਚ 39.81 ਲੱਖ ਰੁਪਏ ਅਤੇ ਨੌਸ਼ਹਿਰਾ ਸਿੰਬਲੀ ਵਿਚ 55.09 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਜਲ ਸਪਲਾਈ ਦੇ ਨਵੇਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਨੇ ਜਿੱਥੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਸਮੂਹ ਪਾਰਟੀ ਵਰਕਰਾਂ ਵੱਲੋਂ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ, ਉੱਥੇ ਹੀ ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਕਰੀਬ ਸਬ-ਡਵੀਜ਼ਨ ਮੁਕੇਰੀਆਂ ਵਿਚ 1.5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ। ਇਸ ਮੌਕੇ ਨਰਿੰਦਰ ਸਿੰਘ ਮੁਲਤਾਨੀ, ਅਮਰਜੀਤ ਸਿੰਘ, ਹਰਜੀਤ ਸਿੰਘ ਸਹੋਤਾ, ਬਲਵਿੰਦਰ ਕੁਮਾਰ ਸੋਨੀ, ਠਾਕੁਰ ਉਪਦੇਸ਼ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਗੈਂਗਸਟਰਾਂ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।