ਸਿਹਤ ਵਿਭਾਗ ਨੇ ਸ਼ੱਕੀ ਮਰੀਜ਼ਾਂ ਦੇ ਲਏ 389 ਨਵੇਂ ਸੈਂਪਲ

06/07/2020 2:43:01 AM

ਹੁਸ਼ਿਆਰਪੁਰ, (ਘੁੰਮਣ)- ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 3154 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤਹਿਤ ਜਿਥੇ ਕੁਆਰੰਟਾਈਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4024 ਸੈਂਪਲ ਲਏ ਗਏ ਹਨ, ਜਿਸ ਵਿਚ 3154 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 711 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, 12 ਐਕਟਿਵ ਮਰੀਜ਼ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਅੱਜ 389 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।


Deepak Kumar

Content Editor

Related News