ਹੁਣ ਚਾਈਨਾ ਡੋਰ ਵੇਚਣ ਵਾਲਿਆਂ ਖੈਰ ਨਹੀਂ, ਪ੍ਰਸ਼ਾਸਨ ਸਖ਼ਤ, ਦੁਕਾਨਾਂ ’ਚ ਕੀਤੀ ਜਾ ਰਹੀ ਛਾਪੇਮਾਰੀ

01/20/2023 1:55:13 PM

ਕਪੂਰਥਲਾ (ਮਹਾਜਨ)-ਹੁਣ ਚਾਈਨਾ ਡੋਰ ਵੇਚਣ ਵਾਲਿਆਂ ਖੈਰ ਨਹੀਂ ਹੈ। ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ-ਵੱਖ ਦੁਕਾਨਾਂ ਦੀ ਛਾਪੇਮਾਰੀ ਲਗਾਤਾਰ ਜਾਰੀ ਹੈ। ਇਸੇ ਤਹਿਤ ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਨੂੰ ਵੇਖਦੇ ਹੋਏ ਡੋਰ ’ਤੇ ਲਗਾਈ ਗਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਬੰਦੀ ’ਤੇ ਅਮਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵੱਲੋਂ ਬੀਤੇ ਦਿਨੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਐੱਸ. ਡੀ. ਐੱਮ. ਕਪੂਰਥਲਾ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਵੀਰਵਾਰ ਨੂੰ ਐੱਸ. ਡੀ. ਐੱਮ. ਲਾਲ ਵਿਸ਼ਵਾਸ ਬੈਂਸ ਵੱਲੋਂ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਐੱਸ. ਡੀ. ਐੱਮ. ਲਾਲ ਵਿਸ਼ਵਾਸ ਬੈਂਸ ਨੇ ਕਿਹਾ ਕਿ ਸ਼ਹਿਰ ਕਪੂਰਥਲਾ ’ਚ ਕਿਸੇ ਵੀ ਦੁਕਾਨਦਾਰ ਨੂੰ ਚਾਈਨਾ ਡੋਰ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਚਾਈਨਾ ਡੋਰ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਆਉਣ ਵਾਲੇ ਕਿਸੇ ਵੀ ਸ਼ਿਕਾਇਤ ’ਤੇ ਕਮੇਟੀ ਵੱਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ। ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ। ਇਸ ਮਾਰੂ ਡੋਰ ਤੋਂ ਨਿਜ਼ਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਫਡ਼ਿਆ ਗਿਆ ਤਾਂ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਤੇ ਪ੍ਰਸਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ. ਐੱਚ. ਓ. ਥਾਣਾ ਸਿਟੀ ਕ੍ਰਿਪਾਲ ਸਿੰਘ, ਪੀ. ਸੀ. ਆਰ. ਇੰਚਾਰਜ ਦਰਸ਼ਨ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ

ਚਾਈਨਾ ਡੋਰ ਦੇ ਖ਼ਤਰਨਾਕ ਨਤੀਜੇ
-ਪਲਾਸਟਿਕ ਦੁਆਰਾ ਬਣਾਈ ਚਾਈਨਾ ਡੋਰ ਟੁੱਟਦੀ ਨਹੀਂ, ਜਿਸ ਕਾਰਨ ਪਤੰਗ ਉਡਾਉਣ ਦੇ ਸਮੇਂ ਹੱਥ ਬੁਰੀ ਤਰ੍ਹਾਂ ਛਿੱਲੇ ਜਾਂਦੇ ਹਨ।
-ਚਾਈਨ ਡੋਰ ਦੀ ਲਪੇਟ ’ਚ ਆ ਕੇ ਰਾਹਗੀਰ ਤੇ ਦੋਪਹੀਆ ਵਾਹਨ ਚਾਲਕ ਜ਼ਖ਼ਮੀ ਹੋ ਜਾਂਦੇ ਹਨ ਅਤੇ ਕਈ ਮਾਮਲਿਆਂ ’ਚ ਮੌਤ ਵੀ ਹੋ ਜਾਂਦੀ ਹੈ।
-ਬਿਜਲੀ ਦੀਆਂ ਤਾਰਾਂ’ਚ ਫਸੀ ਲਾਈਨਾ ਡੋਰ ਪਲਾਸਟਿਕ ਰੇਸ਼ੇ ਕਾਰਨ ਖਿੱਚੇ ਜਾਣ ’ਤੇ ਰਗਡ਼ ਪੈਦਾ ਕਰ ਸਕਦੀ ਹੈ, ਜਿਸ ਕਾਰਨ ਕਰੰਟ ਵੀ ਲੱਗ ਸਕਦਾ ਹੈ।
-ਉਕਤ ਡੋਰ ਨਾਲ ਪਤੰਗ ਉਡਾਉਣ ’ਤੇ ਮਾਸੂਮ ਪੰਛੀ ਇਸ ਦੀ ਲਪੇਟ ’ਚ ਆ ਕੇ ਜ਼ਖ਼ਮੀ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਕਪੂਰਥਲਾ: ਹਮੀਰਾ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਸ ਮੁਲਾਜ਼ਮ ਸਣੇ 4 ਨੌਜਵਾਨਾਂ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News