LED ਕੰਪਨੀ ਦੇ ਸਟਾਫ਼ ਨੇ ਸਟਰੀਟ ਲਾਈਟ ਮੇਨਟੀਨੈਂਸ ਦਾ ਕੰਮ ਕੀਤਾ ਬੰਦ, ਹਨੇਰੇ ’ਚ ਡੁੱਬਿਆ ਅੱਧਾ ਸ਼ਹਿਰ
Thursday, Jan 11, 2024 - 12:03 PM (IST)
ਜਲੰਧਰ (ਖੁਰਾਣਾ)–ਸ਼ਹਿਰ ਦੀਆਂ ਪੁਰਾਣੀਆਂ ਸੋਡੀਅਮ ਸਟਰੀਟ ਲਾਈਟਾਂ ਦੇ ਬਦਲਣ ਦੇ ਕੰਮ ’ਤੇ ਸਮਾਰਟ ਸਿਟੀ ਮਿਸ਼ਨ ਦੇ ਲਗਭਗ 60 ਕਰੋੜ ਰੁਪਏ ਖ਼ਰਚ ਕਰਨ ਦੇ ਬਾਵਜੂਦ ਜਲੰਧਰ ਸ਼ਹਿਰ ਦੇ ਸਟਰੀਟ ਲਾਈਟ ਸਿਸਟਮ ਵਿਚ ਕੋਈ ਸੁਧਾਰ ਨਹੀਂ ਆਇਆ, ਸਗੋਂ ਇਹ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਘਟੀਆ ਹੋ ਗਿਆ ਹੈ। ਸ਼ਹਿਰ ਵਿਚ 70 ਹਜ਼ਾਰ ਦੇ ਲਗਭਗ ਨਵੀਆਂ ਲਾਈਟਾਂ ਲਗਾਉਣ ਦੇ ਨਾਲ-ਨਾਲ ਕੰਪਨੀ ’ਤੇ ਇਨ੍ਹਾਂ ਨੂੰ 5 ਸਾਲ ਤਕ ਮੇਨਟੇਨ ਕਰਨ ਦੀ ਵੀ ਜ਼ਿੰਮੇਵਾਰੀ ਸੀ ਪਰ ਕੰਪਨੀ ਇਸ ਵਿਚ ਵੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ। ਪ੍ਰਾਜੈਕਟ ਲੈਣ ਵਾਲੀ ਦਿੱਲੀ ਦੀ ਐੱਚ. ਪੀ. ਐੱਲ. ਕੰਪਨੀ ਨੇ ਆਪਣੇ 50 ਦੇ ਲਗਭਗ ਕਰਮਚਾਰੀਆਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ, ਜੋ ਫੀਲਡ ਵਿਚ ਜਾ ਕੇ ਲਾਈਟਾਂ ਨੂੰ ਜਗਾਉਣ, ਬੁਝਾਉਣ ਅਤੇ ਠੀਕ ਆਦਿ ਕਰਨ ਦਾ ਕੰਮ ਕਰਦੇ ਹਨ।
ਇਨ੍ਹਾਂ ਸਟਾਫ਼ ਮੈਂਬਰਾਂ ਨੇ ਬੀਤੇ ਦਿਨ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਸਮੱਸਿਆ ਦੱਸੀ। ਕੰਪਨੀ ਕਰਮਚਾਰੀਆਂ ਵੱਲੋਂ ਕੰਮ ਬੰਦ ਕੀਤੇ ਜਾਣ ਕਾਰਨ ਅੱਧਾ ਸ਼ਹਿਰ ਹਨੇਰੇ ਵਿਚ ਡੁੱਬ ਗਿਆ ਹੈ। ਇਨ੍ਹੀਂ ਦਿਨੀਂ ਜਲੰਧਰ ਦਾ ਮੌਸਮ ਕਾਫੀ ਸਰਦ ਅਤੇ ਖਰਾਬ ਚੱਲ ਰਿਹਾ ਹੈ। ਕੋਹਰੇ ਅਤੇ ਧੁੰਦ ਕਾਰਨ ਕੰਮਕਾਜ ਅਤੇ ਟ੍ਰੈਫਿਕ ਪ੍ਰਭਾਵਿਤ ਹੈ ਪਰ ਉਤੋਂ ਸਟਰੀਟ ਲਾਈਟਾਂ ਦੇ ਬੰਦ ਹੋਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਲੋਕ ਸਟਰੀਟ ਲਾਈਟ ਦੀ ਸੁਵਿਧਾ ਨਾ ਮਿਲਣ ’ਤੇ ਸਰਕਾਰ ਅਤੇ ਨਗਰ ਨਿਗਮ ਨੂੰ ਕੋਸ ਰਹੇ ਹਨ। ਟੁੱਟੀਆਂ ਸੜਕਾਂ ਕਾਰਨ ਵੀ ਲੋਕਾਂ ਦੀ ਪ੍ਰੇਸ਼ਾਨੀ ਵਧ ਗਈ ਹੈ। ਅਜਿਹੇ ਵਿਚ ਸੜਕਾਂ ’ਤੇ ਹਨੇਰਾ ਹੋਣ ਕਾਰਨ ਕਈ ਜਗ੍ਹਾ ਐਕਸੀਡੈਂਟ ਵੀ ਹੋ ਰਹੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀਆਂ ਰੈਲੀਆਂ 'ਤੇ ਰਾਜਾ ਵੜਿੰਗ ਦੀ ਖੁੱਲ੍ਹ ਕੇ ਨਾਰਾਜ਼ਗੀ ਆਈ ਬਾਹਰ, ਦਿੱਤੀ ਖੁੱਲ੍ਹੀ ਚੁਣੌਤੀ
ਵਿਜੀਲੈਂਸ ਕੋਲ ਹਨ ਘਪਲੇ ਨਾਲ ਸਬੰਧਤ ਸਾਰੇ ਦਸਤਾਵੇਜ਼
ਐੱਲ. ਈ. ਡੀ. ਸਟਰੀਟ ਲਾਈਟ ਪ੍ਰਾਜੈਕਟ ਸ਼ੁਰੂ ਤੋਂ ਹੀ ਵਿਵਾਦਾਂ ’ਚ ਚੱਲ ਰਿਹਾ ਹੈ। ਕਾਂਗਰਸ ਸਰਕਾਰ ਸਮੇਂ ਇਕ ਕਾਂਗਰਸੀ ਵਿਧਾਇਕ ਨੂੰ ਛੱਡ ਕੇ ਬਾਕੀ 3 ਵਿਧਾਇਕਾਂ, ਮੇਅਰ ਅਤੇ ਸਾਰੇ ਕੌਂਸਲਰਾਂ ਨੂੰ ਕਦੀ ਇਹ ਪ੍ਰਾਜੈਕਟ ਜਾਂ ਕੰਪਨੀ ਦਾ ਕੰਮਕਾਜ ਪਸੰਦ ਨਹੀਂ ਆਇਆ, ਉਦੋਂ ਨਿਗਮ ਦੇ ਪੂਰੇ ਕੌਂਸਲਰ ਹਾਊਸ ਨੇ ਇਸ ਪ੍ਰਾਜੈਕਟ ਦੀ ਆਲੋਚਨਾ ਕਰ ਕੇ ਇਸਦੀ ਵਿਜੀਲੈਂਸ ਤੋਂ ਜਾਂਚ ਦੀ ਸਿਫਾਰਸ਼ ਕੀਤੀ ਸੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਵੀ ਇਸ ਪ੍ਰਾਜੈਕਟ ਦੀ ਜਾਂਚ ਦਾ ਕੰਮ ਜਲੰਧਰ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ। ਵਿਜੀਲੈਂਸ ਨੇ ਭਾਵੇਂ ਅਜੇ ਤਕ ਇਸ ਮਾਮਲੇ ਵਿਚ ਕੁਝ ਨਹੀਂ ਕੀਤਾ ਪਰ ਮੰਨਿਆ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਨੇ ਇਸ ਘਪਲੇ ਦੇ ਸਾਰੇ ਦਸਤਾਵੇਜ਼ ਆਪਣੇ ਕੋਲ ਫੋਟੋਕਾਪੀ ਕਰਵਾ ਕੇ ਰੱਖੇ ਹੋਏ ਹਨ, ਉਸ ਤੋਂ ਮੰਨਿਆ ਜਾ ਰਿਹਾ ਹੈ ਕਿ ਮੁਲਜ਼ਮ ਅਧਿਕਾਰੀਆਂ ਵਿਰੁੱਧ ਜਲਦ ਹੀ ਐਕਸ਼ਨ ਹੋਵੇਗਾ।
ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਤਹਿਤ ਪੁਰਾਣੀਆਂ ਲਾਈਟਾਂ ਨੂੰ ਬਦਲ ਤਾਂ ਦਿੱਤਾ ਗਿਆ ਪਰ ਇਸ ਪ੍ਰਾਜੈਕਟ ਦੀ ਨਿਗਰਾਨੀ ਕਿਸੇ ਅਧਿਕਾਰੀ ਨੇ ਨਹੀਂ ਕੀਤੀ ਅਤੇ ਕੰਪਨੀ ਨੇ ਵੀ ਕਾਫ਼ੀ ਦੇਸੀ ਤਰੀਕੇ ਨਾਲ ਸਿਰਫ਼ ਲਾਈਟਾਂ ਨੂੰ ਹੀ ਬਦਲਣ ਦਾ ਕੰਮ ਕੀਤਾ, ਜਿਸ ਕਾਰਨ ਸਮਾਰਟ ਸਟਰੀਟ ਲਾਈਟ ਸਿਸਟਮ ਬਣ ਹੀ ਨਹੀਂ ਸਕਿਆ। ਅੱਜ ਵੀ ਸ਼ਹਿਰ ਦੀਆਂ ਹਜ਼ਾਰਾਂ ਸਟਰੀਟ ਲਾਈਟਾਂ ਕੁੰਡੀ ਕੁਨੈਕਸ਼ਨ ਨਾਲ ਹੀ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਕੁਫ਼ਰੀ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ, ਰੈੱਡ ਤੇ ਓਰੇਂਜ ਅਲਰਟ ਤੋਂ ਪੰਜਾਬ ਨੂੰ ਮਿਲੀ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।