ਜਲੰਧਰ ਪੁਲਸ ਵੱਲੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੋ ਸਮੱਗਲਰ ਗ੍ਰਿਫ਼ਤਾਰ

04/08/2024 6:13:37 PM

ਜਲੰਧਰ (ਵਰੁਣ)-  ਜਲੰਧਰ ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਨੇ ਦੋ ਸਮੱਗਲਰਾਂ ਨੂੰ 180 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਕ ਇਤਲਾਹ 'ਤੇ ਜਲੰਧਰ ਦੇ ਸੀ. ਆਈ. ਏ. ਸਟਾਫ਼ ਨੇ ਰਾਮਾ ਮੰਡੀ ਚੌਂਕ ਤੋਂ ਸਰਵਿਸ ਰੋਡ ਦਕੋਹਾ ਰੇਲਵੇ ਕਰਾਸਿੰਗ ਤੱਕ ਗਸ਼ਤ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਮਲਜੀਤ ਪੁੱਤਰ ਜੋਗਿੰਦਰ ਪਾਲ ਵਾਸੀ ਸ਼ਿਵ ਨਗਰ, ਨੇੜੇ ਰੇਲਵੇ ਫਾਟਕ, ਜਲੰਧਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਜਤਿੰਦਰ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਈਜੀ-972 ਪ੍ਰੇਮ ਨਗਰ, ਮੁਹੱਲਾ ਗੋਬਿੰਦਗੜ੍ਹ ਜਲੰਧਰ ਹੁਣ ਫਲੈਟ ਨੰਬਰ 301, ਏ. ਜੀ. ਆਈ. ਨੇੜੇ ਹਵੇਲੀ ਜਲੰਧਰ ਦੀ ਸ਼ਮੂਲੀਅਤ ਸਾਹਮਣੇ ਆਈ, ਜਿਸ ਤੋਂ ਬਾਅਦ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਤਾਪਮਾਨ ਪਹੁੰਚਿਆ 35 ਡਿਗਰੀ ਦੇ ਪਾਰ, ਵਧੀਆਂ ਬਿਜਲੀ ਫਾਲਟ ਦੀਆਂ ਸ਼ਿਕਾਇਤਾਂ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਤੋਂ 150 ਗ੍ਰਾਮ ਹੈਰੋਇਨ ਦੀ ਵਾਧੂ ਬਰਾਮਦਗੀ ਹੋਈ, ਜਿਸ ਨਾਲ ਕੁੱਲ ਰਿਕਵਰੀ 180 ਗ੍ਰਾਮ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਨਸ਼ਿਆਂ ਦੇ ਸਰੋਤ ਅਤੇ ਮੰਜ਼ਿਲ ਬਾਰੇ ਹੋਰ ਪੁੱਛਗਿੱਛ ਕਰ ਰਹੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐੱਫ਼. ਆਈ. ਆਰ. 88 ਮਿਤੀ 05-04-2024 ਅਧੀਨ 21/29-61-85 ਐੱਨ. ਡੀ. ਪੀ. ਐੱਸ. ਐਕਟ ਦਰਜ ਕੀਤੀ ਗਈ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਇਨ੍ਹਾਂ ਖ਼ਿਲਾਫ਼ ਜਲੰਧਰ ਅਤੇ ਲੁਧਿਆਣਾ ਵਿਖੇ ਐੱਫ਼. ਆਈ. ਆਰ. ਦਰਜ ਹਨ । ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਇਸ ਦੌਰਾਨ ਸਵਪਨ ਸ਼ਰਮਾ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News