ਬੀ. ਐੱਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਚੰਨੀ ਦੇ ਨਾਮ ਦਿੱਤਾ ਮੰਗ ਪੱਤਰ

09/24/2021 6:15:44 PM

ਹੁਸ਼ਿਆਰਪੁਰ- ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਜਿੱਥੇ 26 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਹੀ ਆਪਣੀਆਂ ਮੰਗਾਂ ਤੋਂ ਮੁੱਖ ਮੰਤਰੀ ਜੀ ਨੂੰ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੇਡਰ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਜੀ ਨੂੰ ਮੰਗ ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ

ਜ਼ਿਲ੍ਹਾ ਆਗੂ ਹਰਜਿੰਦਰ ਕੌਰ ਗੋਲੀ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉੱਤੇ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝੇ ਮੋਰਚੇ  ਵੱਲੋਂ ਕਰੀਬ 9 ਮਹੀਨੇ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ। 
ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਇਕ ਬੇਰੁਜ਼ਗਾਰ ਸਾਥੀ ਮੁਨੀਸ਼ (ਫਾਜ਼ਲਿਕਾ) ਆਪਣੀ ਭਰਤੀ ਸਮੇਤ ਖਾਸ ਕਰਕੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਦੀ ਮੰਗ ਲੈ ਕੇ ਚੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋਂ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 26 ਸਤੰਬਰ ਨੂੰ ਖਰੜ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਾਥੀ ਪਲਵਿੰਦਰ ਸਿੰਘ, ਕਮਲਜੀਤ ਕੌਰ, ਹਰਜਿੰਦਰ ਕੌਰ ਧਾਮੀਆਂ, ਰਾਜਵੰਤ ਕੌਰ, ਰਵਿੰਦਰ ਕੌਰ, ਹਰਪ੍ਰੀਤ ਸਿੰਘ, ਬਲਪ੍ਰੀਤ ਕੌਰ, ਸੰਦੀਪ ਕੌਰ, ਅਨੀਤਾ ਰਾਣੀ, ਰਜਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਲੈ ਕੇ ਦਿੱਲੀ ’ਚ ਬੈਠਕਾਂ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

shivani attri

This news is Content Editor shivani attri