ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਸਾਨ ਬਚਾਓ ਅੰਦੋਲਨ ਦੇ ਪ੍ਰਧਾਨ ਲਖਵਿੰਦਰ ਸਿੰਘ ਨੂੰ ਭਾਜਪਾ ’ਚ ਕੀਤਾ ਸ਼ਾਮਲ

05/05/2023 3:28:51 PM

ਜਲੰਧਰ (ਗੁਲਸ਼ਨ)– ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਕਿਸਾਨ ਬਚਾਓ ਅੰਦੋਲਨ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ। ਕੇਂਦਰੀ ਸ਼ਹਿਰੀ ਆਵਾਸ, ਪੈਟਰੋਲੀਅਮ, ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਿਰੋਪਾਓ ਭੇਟ ਕਰ ਕੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ, ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ, ਸੂਬਾਈ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਬੁਲਾਰਾ ਅਨਿਲ ਸਰੀਨ, ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੂਬਾਈ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਤੇ ਅਮਿਤ ਭਾਟੀਆ ਵੀ ਮੌਜੂਦ ਸਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਆਗੂ ਲਖਵਿੰਦਰ ਸਿੰਘ ਦੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਲਖਵਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਮਸਲੇ ਚੰਗੀ ਤਰ੍ਹਾਂ ਜਾਣਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੂਬੇ ਦਾ ਭਲਾ ਕਰਨਾ ਚਾਹੁੰਦੇ ਹਨ। ਹੁਣ ਅਸੀਂ ਪਾਰਟੀ ਦੇ ਵਿਚਕਾਰ ਰਹਿ ਕੇ ਮਸਲਿਆਂ ਨੂੰ ਉਠਾ ਸਕਦੇ ਹਾਂ। ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਭਾਜਪਾ ਵਿਚ ਕੰਮ ਕਰਨਗੇ। ਪੁਰੀ ਨੇ ਕਿਹਾ ਕਿ ਜਦੋਂ ਮਈ 2014 ਵਿਚ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ, ਉਦੋਂ ਭਾਰਤ ਇਕਾਨਮੀ ’ਚ 10ਵੇਂ ਸਥਾਨ ’ਤੇ ਸੀ, ਜੋ ਕਿ ਹੁਣ 5ਵੇਂ ਸਥਾਨ ’ਤੇ ਹੈ। ਦੇਸ਼ ਵਿਚ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਅਰਥਵਿਵਸਥਾ 5 ਟ੍ਰਿਲੀਅਨ ਡਾਲਰ ਹੋਵੇਗੀ। ਅਸੀਂ ਜਰਮਨੀ ਅਤੇ ਜਾਪਾਨ ਵਰਗੇ ਦੇਸ਼ਾਂ ਤੋਂ ਅੱਗੇ ਨਿਕਲ ਜਾਵਾਂਗੇ।


rajwinder kaur

Content Editor

Related News