ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਲੰਧਰ ''ਚ ਵੱਖ-ਵੱਖ ਯੋਜਨਾਵਾਂ ਤੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
Thursday, Feb 16, 2023 - 12:47 PM (IST)

ਜਲੰਧਰ (ਚੋਪੜਾ)–ਭਾਰਤ ਸਰਕਾਰ ਦੇ ਸੰਸਦੀ ਮਾਮਲੇ ਅਤੇ ਸੱਭਿਆਚਾਰਕ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਜਲੰਧਰ ਜ਼ਿਲ੍ਹੇ ਵਿਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸਮੁਖੀ ਕੰਮਾਂ ਦੇ ਪੱਧਰ ਦੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਵਿਚ ਮੇਘਵਾਲ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਅਤੇ ਗ੍ਰਾਮੀਣ, ਸਵੱਛ ਭਾਰਤ ਮਿਸ਼ਨ, ਸ਼ਹਿਰੀ ਅਤੇ ਗ੍ਰਾਮੀਣ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਰਾਸ਼ਟਰੀ ਗ੍ਰਾਮੀਣ ਪ੍ਰੋਗਰਾਮ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕਿਹਾ। ਕੇਂਦਰੀ ਰਾਜ ਮੰਤਰੀ ਨੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਤਹਿਤ ਸਬੰਧਤ ਬੈਂਕਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ। ਮੇਘਵਾਲ ਨੇ ਸਮਾਰਟ ਸਿਟੀ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਨਿਗਮ ਕਮਿਸ਼ਨਰ ਨੂੰ ਇਸ ਤਹਿਤ ਕੀਤੇ ਜਾ ਰਹੇ ਯਤਨਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ
ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਰਾਸ਼ਟਰੀ ਖਾਧ ਸੁਰੱਖਿਆ ਕਾਨੂੰਨ, ਮਨਰੇਗਾ ਆਦਿ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਇਸ ਬੈਠਕ ਤੋਂ ਪਹਿਲਾਂ ਅਰਜੁਨ ਰਾਮ ਮੇਘਵਾਲ ਨੇ ਸਥਾਨਕ ਰੈੱਡ ਕਰਾਸ ਆਡੀਟੋਰੀਅਮ ਵਿਚ ਵੱਖ-ਵੱਖ ਕੇਂਦਰੀ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਯੋਜਨਾਵਾਂ ਦੇ ਲਾਭ ਅਤੇ ਪ੍ਰਾਪਤ ਸਹਾਇਤਾ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ, ਰਾਜੇਸ਼ ਬਾਘਾ, ਮਹਿੰਦਰ ਭਗਤ, ਏ. ਡੀ. ਸੀ. ਵਰਿੰਦਰ ਸਿੰਘ ਬਾਜਵਾ, ਐੱਸ. ਡੀ. ਐੱਮ. ਬਲਬੀਰ ਰਾਜ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤਾ ਅਹਿਮ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।