ਨਿਵੇਸ਼ ਨਾਲ ਸਬੰਧਤ ਪ੍ਰਸਤਾਵਾਂ ਨੂੰ ਤੁਰੰਤ ਨਿਪਟਾਉਣ ਅਧਿਕਾਰੀ : ਡੀ. ਸੀ.

12/11/2019 2:32:46 PM

ਜਲੰਧਰ (ਚੋਪੜਾ)— ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਬਿਜ਼ਨੈੱਸ ਫਸਟ ਪੋਰਟਲ 'ਤੇ ਨਿਵੇਸ਼ ਨਾਲ ਸਬੰਧਤ ਪ੍ਰਸਤਾਵਾਂ ਨੂੰ ਤੁਰੰਤ ਨਿਪਟਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਇਸ ਸਬੰਧੀ ਅਰਜ਼ੀਆਂ ਤੁਰੰਤ ਨਿਪਟਾਉਣ ਲਈ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਜ਼ਰੂਰੀ ਮਨਜ਼ੂਰੀਆਂ ਨੂੰ ਜਲਦੀ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਉਣ।

ਵਰਿੰਦਰ ਸ਼ਰਮਾ ਨੇ ਬੀਤੇ ਦਿਨ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਪੋਰਟਲ ਨਾਲ ਸਬੰਧਤ ਜ਼ਿਲਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਕਿਹਾ ਕਿ ਸਾਰੇ ਵਿਭਾਗਾਂ 'ਚ ਜ਼ਿਲਾ ਪ੍ਰਮੁੱਖ ਅਜਿਹੀ ਵਿਵਸਥਾ ਕਾਇਮ ਕਰਨ ਜਿਸ ਨਾਲ ਪੋਰਟਲ 'ਤੇ ਕਿਸੇ ਯੂਨਿਟ ਦੀ ਸਥਾਪਨਾ, ਯੂਨਿਟ ਦੇ ਵਿਸਤਾਰ ਆਦਿ ਨਾਲ ਸਬੰਧਤ ਨਿਵੇਸ਼ ਪ੍ਰਸਤਾਵ ਨੂੰ ਜਲਦੀ ਤੋਂ ਜਲਦੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਹੀ ਅਰਥ ਵਿਵਸਥਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕਦੀ ਹੈ, ਜਿਸ ਕਾਰਨ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੇ ਕਿਸੇ ਵੀ ਵਿਭਾਗ ਵੱਲੋਂ ਮਨਜ਼ੂਰੀ ਦੇਣ ਵਿਚ ਗੈਰ ਲੋੜੀਂਦੀ ਦੇਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨ ਲਾਈਨ ਪੋਰਟਲ ਦੀ ਸ਼ੁਰੂਆਤ ਨਿਵੇਸ਼ਕਾਂ ਦੀ ਸਹੂਲਤ ਲਈ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨੂੰ ਨਿਵੇਸ਼ ਲਈ ਹਰ ਤਰ੍ਹਾਂ ਦੀਆਂ ਮਨਜ਼ੂਰੀਆਂ ਇਕ ਹੀ ਪੋਰਟਲ ਦੇ ਜ਼ਰੀਏ ਮਿਲ ਸਕਣ। ਇਸ ਪੋਰਟਲ ਦੇ ਜ਼ਰੀਏ ਬਿਨੈਕਾਰ ਆਪਣੀ ਫਾਈਲ 'ਤੇ ਹੋ ਰਹੀ ਕਾਰਵਾਈ ਦੀ ਜਾਣਕਾਰੀ ਲੈ ਸਕਦਾ ਹੈ।

ਵਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਅਰਥ ਵਿਵਸਥਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਨਵੀਂ ਉਦਯੋਗਿਕ ਨੀਤੀ ਤਹਿਤ ਨਿਵੇਸ਼ਕਾਂ ਨੂੰ ਅਨੇਕਾਂ ਰਿਆਇਤਾਂ ਤੇ ਸਹੂਲਤਾਂ ਦਿੱਤੀਆਂ ਹਨ, ਜਿਸ ਦੇ ਲਈ ਬਿਜ਼ਨੈੱਸ ਫਸਟ ਪੋਰਟਲ 'ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਉਦਯੋਗਾਂ ਨੂੰ ਸੂਬੇ ਦੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਨਿਵੇਸ਼ਕਾਂ/ਉਦਯੋਗਪਤੀਆਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਇਸ ਮੌਕੇ ਉਦਯੋਗ ਵਿਭਾਗ ਦੇ ਜਨਰਲ ਮੈਨੇਜਰ ਭੋਲਾ ਸਿੰਘ ਬਰਾੜ, ਵਾਤਾਵਰਣ ਇੰਜੀਨੀਅਰ ਅਰੁਣ ਕੱਕੜ ਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।


shivani attri

Content Editor

Related News