ਕਿਸਾਨਾਂ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ

05/14/2019 6:22:58 PM

ਟਾਂਡਾ ਉੜਮੁੜ (ਪੰਡਿਤ)— ਬਲਾਕ ਖੇਤੀਬਾੜੀ ਦਫਤਰ ਟਾਂਡਾ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਲਾਕੇ 'ਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਬਲਾਕ ਪੱਧਰੀ ਮੁਹਿੰਮ ਦੇ ਬਾਵਜੂਦ ਕਿਸਾਨਾਂ ਵੱਲੋਂ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਕਈ ਪਿੰਡਾਂ ਦੇ ਕਿਸਾਨਾਂ ਨੇ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਦੇ ਹੋਏ ਨਾੜ ਨੂੰ ਅੱਗ ਨਹੀਂ ਲਾਈ ਪਰ ਅਜਿਹੇ ਕਿਸਾਨਾਂ ਦੀ ਗਿਣਤੀ ਅੱਗ ਲਾਉਣ ਵਾਲੇ ਕਿਸਾਨਾਂ ਨਾਲੋਂ ਬੇਹੱਦ ਘੱਟ ਹੈ।
ਬਲਾਕ ਖੇਤੀਬਾੜੀ ਅਫਸਰ ਟਾਂਡਾ ਡਾ. ਸਤਨਾਮ ਸਿੰਘ ਦੀ ਅਗਵਾਈ 'ਚ ਟੀਮ ਨੇ ਬੇਟ ਇਲਾਕੇ ਦੇ ਪਿੰਡ ਅਵਾਣ ਘੋੜੇਸ਼ਾਹ ਅਤੇ ਨਜ਼ਦੀਕੀ ਪਿੰਡਾਂ ਨਾਲ ਸਬੰਧਤ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਖੇਤਾਂ 'ਚ ਹੀ ਵਾਹੁਣ ਦੀ ਅਪੀਲ ਕੀਤੀ। ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਸਿਹਤ ਉੱਤੇ ਬੇਹੱਦ ਬੁਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੇ ਜੈਵਿਕ ਮਾਦੇ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਇਸ ਦੇ ਨਾਲ ਹੀ ਮਿੱਤਰ ਕੀੜਿਆਂ ਦਾ ਵੀ ਨਾਸ਼ ਹੁੰਦਾ ਹੈ। ਨਾੜ ਨੂੰ ਜ਼ਮੀਨ 'ਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਏ. ਡੀ. ਓ. ਅਵਤਾਰ ਸਿੰਘ, ਏ. ਐੱਸ. ਆਈ. ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ ਅਤੇ ਕਿਸਾਨ ਮੌਜੂਦ ਸਨ।

shivani attri

This news is Content Editor shivani attri