ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 97029 ਮੀਟ੍ਰਿਕ ਟਨ ਕਣਕ ਦੀ ਖ਼ਰੀਦ
Monday, Apr 24, 2023 - 06:20 PM (IST)

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ਬੀਤੀ ਸ਼ਾਮ ਤੱਕ ਆਈ 97448 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 97029 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 29192 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 22493, ਪਨਸਪ ਵੱਲੋਂ 20195, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13636, ਐੱਫ਼. ਸੀ. ਆਈ. ਵੱਲੋਂ 9690 ਅਤੇ ਵਪਾਰੀਆਂ ਵੱਲੋਂ 1823 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 115.72 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਕਣਕ ਦੀ ਨਾਲੋਂ ਨਾਲ ਲਿਫ਼ਟਿੰਗ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਹੀ ਇਹ ਗੱਲ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।