ਕੇਂਦਰੀ ਵਜ਼ੀਰੀ ਦੇ ਲਾਲਚ ‘ਚ ਅਕਾਲੀ ਦਲ ਕਦੋਂ ਤਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਰਹੇਗਾ ਪ੍ਰਵਾਨ : ਰੰਧਾਵਾ

07/03/2020 4:55:46 PM

ਚੰਡੀਗੜ੍ਹ (ਅਸ਼ਵਨੀ) - ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਨੇ ਭਾਜਪਾ ਸੰਸਦ ਮੈਂਬਰ ਕਿਰਨ ਖੇਰ ਦੇ ਪਤੀ ਅਤੇ ਭਾਜਪਾ ਦੀ ਵਿਚਾਰਧਾਰਾ ਦੇ ਕੱਟੜ ਸਮਰਥਕ ਅਨੁਪਮ ਖੇਰ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਸ਼ਬਦ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੇ ਕਸੀਦੇ ਪੜ੍ਹਨ ਲਈ ਵਰਤਣ ਦੀ ਸਖ਼ਤ ਆਲੋਚਨਾ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਅਨੁਪਮ ਖੇਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖਾਂ ਦੇ ਜਜ਼ਬਾਤਾਂ ‘ਤੇ ਸੱਟ ਮਾਰਨ ਦੀ ਘਟੀਆ ਹਰਕਤ ਕੀਤੀ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਅਕਾਲੀਆਂ ਨੂੰ ਘੇਰਦਿਆਂ ਆਖਿਆ ਕਿ ਜੇਕਰ ਬਾਦਲ ਪਰਿਵਾਰ ਨੇ ਅਕਾਲੀ ਦਲ ਦੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਭਾਜਪਾ ਦੀ ਝੋਲੀ ਪੈਣ ਦਾ ਫ਼ੈਸਲਾ ਕਰ ਹੀ ਲਿਆ ਹੈ ਤਾਂ ਉਸ ਨੂੰ ਅਕਾਲੀ ਦਲ ਦੇ ਅਹੁਦੇ ਛੱਡ ਕੇ ਭਾਜਪਾ ਨੂੰ ਹੀ ਮਾਂ ਪਾਰਟੀ ਬਣਾ ਲੈਣਾ ਚਾਹੀਦਾ ਹੈ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਘੱਟ-ਗਿਣਤੀਆਂ, ਸੰਘੀ ਢਾਂਚੇ ਅਤੇ ਖਾਸ ਤੌਰ ‘ਤੇ ਕਿਸਾਨਾਂ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ ਪਰ ਇਸ ਗੱਲ ਤੋਂ ਹੈਰਾਨੀ ਹੁੰਦੀ ਹੈ ਕਿ ਭਾਜਪਾ ਵਲੋਂ ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦੇਣ ਤੋਂ ਪਹਿਲਾਂ ਹੀ ਸੁਖਬੀਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਸੋਚੇ ਸਮਝੇ ਬਿਨਾਂ ਮੋਦੀ ਦੇ ਸੋਹਲੇ ਗਾਉਣੇ ਸ਼ੁਰੂ ਕਰ ਦਿੰਦੇ ਹਨ। ਅਕਾਲੀ ਦਲ ਆਖਰ ਕਦੋਂ ਤਕ ਕੇਂਦਰੀ ਵਜ਼ੀਰੀ ਦੇ ਲਾਲਚ ’ਚ ਆਪਣੇ ਸੂਬੇ, ਕੌਮ ਅਤੇ ਆਪਣੇ ਲੋਕਾਂ ਦੀਆਂ ਭਾਵਨਾਵਾਂ ਨਾਲ ਹੁੰਦਾ ਖਿਲਵਾੜ ਖਿੜ੍ਹੇ ਮੱਥੇ ਪ੍ਰਵਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿੱਖ ਲੀਡਰਸ਼ਿਪ ਅਤੇ ਅਕਾਲੀ ਦਲ ਅਨੁਪਮ ਖੇਰ ਦੀ ਇਸ ਹਿਮਾਕਤ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।


sunita

Content Editor

Related News