ਦੀਪ ਸਿੱਧੂ ਅਦਾਲਤ 'ਚ ਪੇਸ਼, ਪੁਲਸ ਨੇ ਮੰਗਿਆ 4 ਦਿਨ ਦਾ ਰਿਮਾਂਡ (ਵੀਡੀਓ)
Sunday, Apr 18, 2021 - 05:40 PM (IST)
ਜਲੰਧਰ: ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦੀਪ ਸਿੱਧੂ ਖ਼ਿਲਾਫ਼ ਦੂਜੀ ਐੱਫ.ਆਈ.ਆਰ. ਨੂੰ ਲੈ ਕੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਸੁਣਵਾਈ ਹੋਈ ਹੈ। ਦੱਸ ਦੇਈਏ ਕਿ ਅੱਜ ਦੀ ਕਾਰਵਾਈ ਦੌਰਾਨ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਕੱਲ੍ਹ ਯਾਨੀ 19 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਦਿੱਲੀ ਪੁਲਸ ਨੇ ਕੋਰਟ ’ਚ ਦੀਪ ਸਿੱਧੂ ਦੀ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਬੀਤੇ ਦਿਨੀਂ ਦੀਪ ਸਿੱਧੂ ਨੂੰ ਤੀਸ ਹਜ਼ਾਰੀ ਅਦਾਲਤ ਨੇ ਐੱਫ.ਆਈ.ਆਰ. ਨੰਬਰ 96 ’ਚ ਜ਼ਮਾਨਤ ਦੇ ਦਿੱਤੀ ਸੀ ਪਰ ਸ਼ਾਮ ਨੂੰ ਦਿੱਲੀ ਪੁਲਸ ਨੇ ਕੋਤਵਾਲੀ ਥਾਣੇ ’ਚ ਦਰਜ ਐੱਫ.ਆਈ.ਆਰ. ਦੇ ਆਧਾਰ ’ਤੇ ਸਿੱਧੂ ਨੂੰ ਮੁੜ ਤੋਂ ਗਿ੍ਰਫ਼ਤਾਰ ਕਰ ਲਿਆ ਸੀ। ਸ਼ਿਕਾਇਤ ਪੁਰਾਤੱਤਵ ਵਿਭਾਗ ਵੱਲੋਂ ਦਰਜ ਕਰਵਾਈ ਗਈ ਸੀ।
ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ।
8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।