ਕਿਸਾਨਾਂ ਦੇ ਸਮਰਥਨ 'ਚ ਆਇਆ ਬਾਲੀਵੁੱਡ, ਟਿਕਰੀ ਬਾਰਡਰ ਪਹੁੰਚਣਗੇ ਸਵਰਾ ਭਾਸਕਰ ਤੇ ਆਰਿਆ ਬੱਬਰ
Saturday, Jan 09, 2021 - 11:35 AM (IST)
ਟਿਕਰੀ ਬਾਰਡਰ (ਹਰੀਸ਼) - ਨਵੀਂ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਨਵੀਂ ਜਾਨ ਫੂਕਣ ਲਈ ਪੰਜਾਬੀ ਫ਼ਿਲਮ ਅਤੇ ਸੰਗੀਤ ਇੰਡਸਟਰੀ ਨਾਲ ਜੁੜੇ ਕਈ ਕਲਾਕਾਰ 9 ਜਨਵਰੀ ਯਾਨੀਕਿ ਅੱਜ ਟਿਕਰੀ ਬਾਰਡਰ 'ਤੇ ਪਹੁੰਚ ਰਹੇ ਹਨ। ਟਿਕਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੁੱਖ ਸਟੇਜ 'ਤੇ ਨਾ ਸਿਰਫ਼ ਇਹ ਕਲਾਕਾਰ ਆਪਣੇ ਗਾਣਿਆਂ 'ਤੇ ਪੇਸ਼ਕਾਰੀ ਦੇਣਗੇ ਸਗੋਂ ਸੰਬੋਧਨ ਵੀ ਕਰਨਗੇ। ਬਾਰਡਰ 'ਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਅਤੇ ਟਰਾਲੀ ਟਾਕੀਜ਼ ਸ਼ੁਰੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਨੌਜਵਾਨ ਕਿਸਾਨ ਅਜੈਪਾਲ ਸਿੰਘ ਨੇ ਦੱਸਿਆ ਕਿ ਇਹ ਕਲਾਕਾਰ ਕਿਸਾਨਾਂ ਦੇ ਸੰਘਰਸ਼ ਵਿਚ ਇਕਜੁੱਟਤਾ ਜਤਾਉਣ ਲਈ ਪਹੁੰਚ ਰਹੇ ਹਨ। ਇਹ ਹੁਣ ਤਕ ਦਾ ਸਭ ਤੋਂ ਵੱਡਾ ਅਤੇ ਲੰਬਾ ਚੱਲਣ ਵਾਲਾ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਹੈ।
ਪੰਜਾਬੀ ਕਲਾਕਾਰ ਹਰਭਜਨ ਮਾਨ, ਜੈਜ਼ੀ ਬੀ, ਕੰਵਰ ਗਰੇਵਾਲ, ਰੱਬੀ ਸ਼ੇਰਗਿੱਲ, ਹਰਫ ਚੀਮਾ, ਗੁਰਪ੍ਰੀਤ ਸੈਣੀ, ਜੱਸ ਬਾਜਵਾ, ਨੂਰ ਚਹਿਲ, ਗੁਰਸ਼ਬਦ ਕੁਲਾਰ ਮੁੱਖ ਸਟੇਜ 'ਤੇ ਬਾਅਦ ਦੁਪਹਿਰ ਇਕ ਵਜੇ ਆਪਣੀ ਪੇਸ਼ਕਾਰੀ ਦੇਣਗੇ। ਇਨ੍ਹਾਂ ਤੋਂ ਇਲਾਵਾ ਬਾਲੀਵੁੱਡ ਤੋਂ ਸਵਰਾ ਭਾਸਕਰ ਅਤੇ ਆਰਿਆ ਬੱਬਰ ਇਸ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।
ਅਜੈ ਨੇ ਦੱਸਿਆ ਕਿ ਇਨ੍ਹਾਂ ਕਲਾਕਾਰਾਂ ਨੇ ਪਹਿਲਾਂ ਵੀ ਇੱਥੇ ਆ ਕੇ ਕਿਸਾਨਾਂ ਦਾ ਹੌਸਲਾ ਵਧਾਇਆ ਹੈ ਪਰ ਪਹਿਲੀ ਵਾਰ ਸਟੇਜ 'ਤੋਂ ਇਸ ਤਰ੍ਹਾਂ ਦੀ ਪੇਸ਼ਕਾਰੀ ਦੇਣਗੇ, ਤਾਂ ਕਿ ਸੰਘਰਸ਼ ਕਰ ਰਹੇ ਕਿਸਾਨਾਂ ਵਿਚ ਜੋਸ਼ ਭਰ ਸਕਣ।
Your favourite artists lend their voice, their music, their support to the biggest most important protest underway in our country! Tomorrow! Be there
— Swara Bhasker (@ReallySwara) January 8, 2021
Date: 9th jan 2021, Saturday
Time: 1pm
Venue: Sanyukt Kisan Morcha main stage, Tikri Border #artistsforfarmers @Kisanektamorcha pic.twitter.com/7eHVvh4Iv2
ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।