ਕਿਸਾਨਾਂ ਨੇ ਪੰਜਾਬ ’ਚ ਰੋਕੀ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ, ਮੁੜ ਪਾ ਦਿੱਤੀ ਇਹ ਪੋਸਟ

Monday, Jan 11, 2021 - 02:03 PM (IST)

ਚੰਡੀਗੜ੍ਹ (ਬਿਊਰੋ)– ਪੰਜਾਬ ’ਚ ਬੱਸੀ ਪਠਾਣਾ ਵਿਖੇ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਰੋਕੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੂਟਿੰਗ ਲਈ ਆਈ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਇਸ ਨੂੰ ਰੋਕ ਦਿੱਤਾ। ਬੱਸੀ ਪਠਾਣਾ ’ਚ ਹਿੰਦੀ ਫ਼ਿਲਮ ‘ਗੁੱਡ ਲੱਕ ਜੈਰੀ’ ਦੀ ਸ਼ੂਟਿੰਗ ਐਤਵਾਰ ਤੋਂ ਸ਼ੁਰੂ ਹੋਣੀ ਸੀ।

ਇਸ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੇ ਨੌਜਵਾਨ ਸ਼ੂਟਿੰਗ ਵਾਲੀ ਥਾਂ ’ਤੇ ਪਹੁੰਚੇ ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੇ ਬਾਲੀਵੁੱਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਫ਼ਿਲਮ ਦੀ ਟੀਮ ਨਾਲ ਸਬੰਧਤ ਲਾਲਜੀਤ ਸਿੰਘ ਤੇ ਮਨੀਸ਼ ਵਾਲੀਆ ਉਥੇ ਪਹੁੰਚੇ ਤੇ ਨੌਜਵਾਨਾਂ ਨੂੰ ਦੱਸਿਆ ਕਿ ਉਹ ਵੀ ਕਿਸਾਨਾਂ ਦੇ ਨਾਲ ਹਨ। ਉਸ ਨੇ ਭਰੋਸਾ ਦਿੱਤਾ ਕਿ ਉਹ ਜਦੋਂ ਤੱਕ ਕਿਸਾਨਾਂ ਨੂੰ ਸੰਤੁਸ਼ਟ ਨਹੀਂ ਕਰ ਦਿੰਦੇ, ਉਦੋਂ ਤਕ ਸ਼ੂਟਿੰਗ ਨਹੀਂ ਕਰਨਗੇ।

ਦੱਸਣਯੋਗ ਹੈ ਕਿ ਵਿਰੋਧ ਤੋਂ ਬਾਅਦ ਜਾਨ੍ਹਵੀ ਕਪੂਰ ਵਲੋਂ ਇਕ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਗਈ ਹੈ। ਇਸ ਪੋਸਟ ’ਚ ਜਾਨ੍ਹਵੀ ਕਪੂਰ ਕਿਸਾਨਾਂ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਜਲਦ ਖ਼ਤਮ ਹੋਣ ਦੀ ਉਮੀਦ ਕਰ ਰਹੀ ਹੈ।

PunjabKesari

ਉਥੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਦੇ ਸਾਰੇ ਗਾਇਕ ਤੇ ਅਦਾਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਬਾਲੀਬੁਡ ਕਲਾਕਾਰ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ਲਈ ਪੰਜਾਬ ਆਉਂਦੇ ਹਨ ਪਰ ਉਨ੍ਹਾਂ ਨੇ ਇਕ ਵਾਰ ਵੀ ਕਿਸਾਨ ਲਹਿਰ ਦੇ ਹੱਕ ’ਚ ਕੁਝ ਨਹੀਂ ਕਿਹਾ। ਇਸ ਕਾਰਨ ਉਨ੍ਹਾਂ ਨੂੰ ਗੁੱਸਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਲਾਕਾਰ ਅੰਦੋਲਨ ਦਾ ਸਮਰਥਨ ਨਹੀਂ ਕਰਦੇ, ਉਨ੍ਹਾਂ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਮੌਕੇ ’ਤੇ ਪੁਲਸ ਫੋਰਸ ਨਾਲ ਪਹੁੰਚੇ ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸ਼ਾਂਤ ਕਰਵਾਇਆ।

ਨੋਟ– ਇਸ ਖ਼ਬਰ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Rahul Singh

Content Editor

Related News