ਜਸਵਿੰਦਰ ਭੱਲਾ ਦੇ ਸਸਕਾਰ ਮੌਕੇ ਫੁੱਟ-ਫੁੱਟ ਕੇ ਰੋਏ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ, ਵੀਡੀਓ ਕਰ ਦੇਵੇਗੀ ਭਾਵੁਕ
Saturday, Aug 23, 2025 - 05:28 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ’ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਨੇ ਦੇਹ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਰੱਖੀ ਗਈ।
ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਪਰਮਦੀਪ ਭੱਲਾ, ਪੁੱਤਰ ਪੁਖਰਾਜ ਭੱਲਾ ਅਤੇ ਧੀ ਅਰਸ਼ਦੀਪ ਕੌਰ ਡੂੰਘੇ ਸਦਮੇ ਵਿੱਚ ਨਜ਼ਰ ਆਏ। ਇਸ ਦੌਰਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ ਅਤੇ ਗੁਰਪ੍ਰੀਤ ਘੁੰਗੀ 'ਚ ਵੀ ਗਹਿਰਾ ਸਦਮਾ ਲੱਗਾ। ਸਸਕਾਰ ਮੌਕੇ ਦੋਵੇ ਕਲਾਕਾਰ ਭਾਵੁਕ ਦਿਖਾਈ ਦਿੱਤੇ।
ਇਸ ਦੌਰਾਨ ਫ਼ੈਨ ਪਰਿਵਾਰਿਕ ਮੈਂਬਰਾਂ ਤੇ ਕਰੀਬੀਆਂ ਨੇ ਮਰਹੂਮ ਜਸਵਿੰਦਰ ਭੱਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਹੈ। ਜਸਵਿੰਦਰ ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਸਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਫਿਲਮ ਜਗਤ ਦੇ ਸਿਤਾਰੇ ਵੀ ਪਹੁੰਚੇ ਹਨ।
ਇਨ੍ਹਾਂ ਵਿੱਚ ਅਦਾਕਾਰਾ ਨੀਰੂ ਬਾਜਵਾ ਅਤੇ ਅਨਮੋਲ, ਮਨਕੀਰਤ ਔਲਖ, ਪ੍ਰੀਤ ਹਰਪਾਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਸਨ।
ਦੱਸਣਯੋਗ ਹੈ ਕਿ ਜਸਵਿੰਦਰ ਭੱਲਾ ਦਾ ਬੀਤੇ ਦਿਨੀਂ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਇੱਕ ਛੋਟੇ ਜਿਹੇ ਕਸਬੇ ਦੋਰਾਹਾ ਵਿੱਚ ਹੋਇਆ ਸੀ। ਉਹ ਇੱਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿੱਚ "ਛਣਕਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ। ਉਨ੍ਹਾਂ ਨੂੰ ਆਪਣੀ ਕਾਮੇਡੀ ਲੜੀ "ਛਣਕਟਾ" ਅਤੇ ਵੱਖ-ਵੱਖ ਪੰਜਾਬੀ ਫਿਲਮਾਂ ਵਿੱਚ ਹਾਸਰਸ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ।
ਪੰਜਾਬੀ ਫਿਲਮਾਂ ਵਿੱਚ ਇਨ੍ਹਾਂ ਨੇ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ,ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।ਅੱਜ ਕੋਈ ਵੀ ਪੰਜਾਬੀ ਫਿਲਮ ਅਜਿਹੀ ਨਹੀਂ ਹੈ, ਜਿਸ ਵਿੱਚ ਉਹ ਨਜ਼ਰ ਨਾ ਆਏ ਹੋਣ।