ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਪੰਜਾਬ ’ਚ ਨਹੀਂ ਹੋਣ ਦਿੱਤੀ ਜਾਵੇਗੀ ਰਿਲੀਜ਼ : ਜਰਨੈਲ ਸਿੰਘ ਗਾਬੜੀਆ

Thursday, Aug 22, 2024 - 02:41 PM (IST)

ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਪੰਜਾਬ ’ਚ ਨਹੀਂ ਹੋਣ ਦਿੱਤੀ ਜਾਵੇਗੀ ਰਿਲੀਜ਼ : ਜਰਨੈਲ ਸਿੰਘ ਗਾਬੜੀਆ

ਫਿਰੋਜ਼ਪੁਰ (ਕੁਮਾਰ)– ਸਟੂਡੈਂਟ ਫੈੱਡਰੇਸ਼ਨ ਮਹਿਤਾ ਦੇ ਕੌਮੀ ਜਨਰਲ ਸਕੱਤਰ ਜਰਨੈਲ ਸਿੰਘ ਗਾਬੜੀਆ ਨੇ ਚਿਤਾਵਨੀ ਦਿੰਦੇ ਕਿਹਾ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਕਿਸੇ ਵੀ ਹਾਲਤ ’ਚ ਪੰਜਾਬ ’ਚ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਭਾਈ ਜਸਪਾਲ ਸਿੰਘ, ਸੁਖਦੇਵ ਸਿੰਘ ਲਾਡਾ, ਡਾ. ਗੁਰਮੀਤ ਸਿੰਘ ਤੇ ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ।

ਟਰੇਲਰ ਮਗਰੋਂ ਵਧਿਆ ਵਿਵਾਦ
ਹਾਲ ਹੀ 'ਚ ਕੰਗਨਾ ਰਣੌਤ ਨੇ ਆਪਣੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ 'ਚ ਕੰਗਨਾ ਰਣੌਤ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਟਰੇਲਰ 'ਚ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ 'ਐਮਰਜੈਂਸੀ' 'ਤੇ ਆਧਾਰਿਤ ਹੈ। ਟਰੇਲਰ 'ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ 'ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ ਸਮੇਤ ਕਈ ਹੋਰ ਸਿਤਾਰੇ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਂਦੇ ਨਜ਼ਰੀ ਪੈਣਗੇ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਦੇ ਪ੍ਰਧਾਨ ਵਲੋਂ ਫ਼ਿਲਮ ਪ੍ਰਤੀ ਰੋਸ  
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫ਼ਿਲਮ ‘ਐਮਰਜੈਂਸੀ’ 'ਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ 'ਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ 'ਚ ਸਿੱਖਾਂ ਦੇ ਵੀਹਵੀਂ ਸਦੀ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ। ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਇਸ ਫ਼ਿਲਮ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ 'ਚ ਰਹਿਣ ਵਾਲੀ ਕੰਗਨਾ ਰਣੌਤ ਵੱਲੋਂ ਜਾਣਬੁਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। 

ਇਹ ਖ਼ਬਰ ਵੀ ਪੜ੍ਹੋ - ਸਿਹਤ ਲਈ ਖ਼ਤਰਨਾਕ ਹੋ ਸਕਦੈ ਇਹ ਪ੍ਰਦੂਸ਼ਣ, ਮੌਤ ਦਾ ਵੀ ਬਣ ਸਕਦੈ ਕਾਰਨ, ਜਾਣੋ ਕੰਟਰੋਲ ਕਰਨ ਦੇ ਤਰੀਕੇ

ਸਿਆਸਤ 'ਚ ਵੀ ਗਰਮਾਇਆ ਮਾਮਲਾ
ਦੱਸ ਦੇਈਏ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਪੱਤਰ 'ਚ ਕਿਹਾ ਕਿ ਫ਼ਿਲਮ 'ਐਮਰਜੈਂਸੀ' 'ਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਨਾਲ ਸਾਡੇ ਸਮਾਜ ਦੀ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ। ਫ਼ਿਲਮ 'ਚ ਸਿੱਖਾਂ ਨੂੰ ਅੱਤਵਾਦੀ ਦੇ ਰੂਪ 'ਚ ਦਿਖਾਇਆ ਗਿਆ ਹੈ, ਜੋ ਕਿ ਇੱਕ ਸ਼ਾਜ਼ਿਸ ਹੈ। ਇਹ ਫ਼ਿਲਮ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ। ਆਪਣੇ ਪੱਤਰ 'ਚ ਖਾਲਸਾ ਨੇ ਅੱਗੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਬਹੁਤ ਵੱਡੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜੋ ਫ਼ਿਲਮ 'ਚ ਸਾਹਮਣੇ ਨਹੀਂ ਲਿਆਂਦੀਆਂ ਗਈਆਂ ਹਨ ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਇਸ ਫ਼ਿਲਮ ਨੂੰ ਇੱਕ ਸ਼ਾਜਿਸ਼ ਦਾ ਹਿੱਸਾ ਕਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਫ਼ਿਲਮ 'ਚ ਸਿੱਖਾਂ ਦਾ ਮਾੜਾ ਅਕਸ ਪੇਸ਼ ਕਰਨ ਵਾਲੇ ਦ੍ਰਿਸ਼ਾਂ ਨੂੰ ਫ਼ਿਲਮ 'ਚੋਂ ਤੁਰੰਤ ਹਟਾਇਆ ਜਾਵੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News