ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਗੀਤ ''ਭਗਤ ਸਿੰਘ ਊਧਮ ਸਿੰਘ ਦੇ ਵਾਰਿਸ'' ਹੋਇਆ ਰਿਲੀਜ਼

Saturday, Jan 23, 2021 - 09:08 AM (IST)

ਚੰਡੀਗੜ੍ਹ (ਬਿਊਰੋ) -  ਗਾਇਕ ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਨਵਾਂ ਗੀਤ 'ਭਗਤ ਸਿੰਘ ਊਧਮ ਸਿੰਘ ਦੇ ਵਾਰਿਸ' ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ 'ਚ ਪੰਜਾਬ ਦੇ ਉਨ੍ਹਾਂ ਯੋਧਿਆਂ ਦੀ ਗੱਲ ਕੀਤੀ ਗਈ ਹੈ, ਜੋ ਆਪਣੇ ਦੇਸ਼-ਕੌਮ ਅਤੇ ਆਪਣੇ ਹੱਕ ਲੈਣ ਲਈ ਹਰ ਤਰ੍ਹਾਂ ਦੇ ਹਾਲਾਤਾਂ ਦੇ ਨਾਲ ਜੂਝਣ ਦੀ ਸਮਰੱਥਾ ਰੱਖਦੇ ਹਨ। ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਨਵਾਂ ਗੀਤ 'ਭਗਤ ਸਿੰਘ ਊਧਮ ਸਿੰਘ ਦੇ ਵਾਰਿਸ' ਦੇ ਬੋਲ ਗਿੱਲ ਰੌਂਤਾ ਨੇ ਲਿਖੇ ਨੇ ਅਤੇ ਇਸ ਗੀਤ ਨੂੰ ਪਲਾਜ਼ਮਾ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ 'ਚ ਪੰਜਾਬੀਆਂ ਦੀ ਅਣਖ ਅਤੇ ਗੈਰਤ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਆਪਣੇ ਅਣਖੀਲੇ ਸੁਭਾਅ ਲਈ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਗੈਰਤਮੰਦ ਪੰਜਾਬੀਆਂ ਨੂੰ ਕੋਈ ਵੀ ਪੈਸੇ ਜਾਂ ਕਿਸੇ ਹੋਰ ਚੀਜ਼ ਦੇ ਜ਼ੋਰ ਤੇ ਖਰੀਦਿਆ ਨਹੀਂ ਜਾ ਸਕਦਾ। ਗੀਤ ਹਰ ਕਿਸੇ 'ਚ ਜੋਸ਼ ਅਤੇ ਕੁਝ ਕਰ ਗੁਜ਼ਰਨ ਦਾ ਜਜ਼ਬਾ ਭਰ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਭਰਾਵਾਂ ਵੱਲੋਂ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ। ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਪਿਆਰ ਮਿਲਦਾ ਰਿਹਾ ਹੈ ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।


sunita

Content Editor

Related News