ਦਲੇਰ ਮਹਿੰਦੀ ਨੂੰ ਹਾਈ ਕੋਰਟ ਵਲੋਂ ਝਟਕਾ, 15 ਸਤੰਬਰ ਤਕ ਪਟਿਆਲਾ ਜੇਲ ’ਚ ਕੱਟਣਗੇ ਪੈਣਗੇ ਦਿਨ

07/20/2022 12:54:29 PM

ਪਟਿਆਲਾ (ਬਲਜਿੰਦਰ)– ਕਬੂਤਰਬਾਜ਼ੀ ਦੇ ਕੇਸ ’ਚ ਦੋ ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਗਈ। ਦਲੇਰ ਮਹਿੰਦੀ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਿਥੇ ਦੋ ਸਾਲ ਦੀ ਸਜ਼ਾ ਦੇ ਖ਼ਿਲਾਫ਼ ਅਪੀਲ ਦਾਇਰ ਕੀਤੀ ਗਈ ਹੈ, ਉਥੇ ਹੀ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਗਈ ਸੀ।

ਦੋਵਾਂ ਮਾਮਲਿਆਂ ’ਚ ਮਾਣਯੋਗ ਅਦਾਲਤ ਵਲੋਂ 15 ਸਤੰਬਰ ਦੀ ਤਾਰੀਖ਼ ਪਾ ਦਿੱਤੀ ਗਈ ਹੈ। ਯਾਨੀ ਕਿ ਦਲੇਰ ਮਹਿੰਦੀ ਨੂੰ 15 ਸਤੰਬਰ ਤਕ ਕੇਂਦਰੀ ਜੇਲ ਪਟਿਆਲਾ ’ਚ ਹੀ ਰਹਿਣਾ ਪਵੇਗਾ। ਇਥੇ ਇਹ ਦੱਸਣਯੋਗ ਹੈ ਕਿ ਪੌਪ ਗਾਇਕ ਦਲੇਰ ਮਹਿੰਦੀ ਦੀ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਦੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

ਇਹ ਖ਼ਬਰ ਵੀ ਪੜ੍ਹੋ : ਅਫਸਾਨਾ ਖ਼ਾਨ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਮਿਲਣ ਮਗਰੋਂ ਸਾਂਝੀ ਕੀਤੀ ਭਾਵੁਕ ਪੋਸਟ

ਇਸ ਤੋਂ ਬਾਅਦ ਪੁਲਸ ਨੇ ਆਪਣੀ ਹਿਰਾਸਤ ’ਚ ਲੈ ਕੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਕੇਂਦਰੀ ਜੇਲ ਪਟਿਆਲਾ ’ਚ ਭੇਜ ਦਿੱਤਾ ਸੀ। ਇਥੇ ਦਲੇਰ ਮਹਿੰਦੀ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਿਥੇ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕੀਤੀ ਗਈ ਸੀ, ਉਥੇ ਹੀ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਗਈ ਸੀ ਪਰ ਦੋਵਾਂ ਮਾਮਲਿਆਂ ’ਚ ਦਲੇਰ ਮਹਿੰਦੀ ਨੂੰ ਰਾਹਤ ਨਹੀਂ ਮਿਲੀ ਤੇ ਫਿਲਹਾਲ ਦਲੇਰ ਮਹਿੰਦੀ 15 ਸਤੰਬਰ ਤਕ ਕੇਂਦਰੀ ਜੇਲ ਪਟਿਆਲਾ ’ਚ ਹੀ ਰਹਿਣਗੇ।

ਇਹ ਸੀ ਮਾਮਲਾ

ਸਾਲ 2003 ’ਚ ਪਟਿਆਲਾ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ’ਤੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਨੇ ਕਿਹਾ ਸੀ ਕਿ ਦਲੇਰ ਮਹਿੰਦੀ ਨੇ 20 ਲੱਖ ਰੁਪਏ ਲੈ ਕੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਸੀ। ਹਾਲਾਂਕਿ ਨਾ ਤਾਂ ਉਸ ਨੂੰ ਬਾਹਰ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। 15 ਸਾਲਾਂ ਬਾਅਦ ਸਾਲ 2018 ’ਚ ਦਲੇਰ ਮਹਿੰਦੀ ਨੂੰ ਜੇ. ਐੱਮ. ਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ 2 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ 3 ਸਾਲ ਤੋਂ ਘੱਟ ਹੋਣ ਕਾਰਨ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ’ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News