ਅਦਾਕਾਰ ਦਰਸ਼ਨ ਦੇ ਦੋਸ਼ਾਂ ’ਤੇ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਮੰਗੀ ਰਿਪੋਰਟ
Tuesday, May 05, 2026 - 11:36 AM (IST)
ਨਵੀਂ ਦਿੱਲੀ (ਅਨਸ)- ਰੇਣੂਕਾ ਸਵਾਮੀ ਕਤਲ ਕੇਸ ’ਚ ਗ੍ਰਿਫ਼ਤਾਰ ਕੰਨੜ ਅਦਾਕਾਰ ਦਰਸ਼ਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੋਮਵਾਰ ਕਰਨਾਟਕ ਸਰਕਾਰ ਤੋਂ ਰਿਪੋਰਟ ਮੰਗੀ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਉਸ ਨੂੰ ਜੇਲ ’ਚ ਭੋਜਨ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਜਸਟਿਸ ਜੇ. ਬੀ. ਪਾਰਦੀਵਾਲਾ ਤੇ ਆਰ. ਮਹਾਦੇਵਨ ਦੇ ਬੈਂਚ ਨੇ ਅਦਾਕਾਰ ਦੀ ਪਟੀਸ਼ਨ ’ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ।
ਦਰਸ਼ਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਅਦਾਕਾਰ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਂਝਿਆਂ ਕੀਤਾ ਜਾ ਰਿਹਾ ਹੈ ਕਿਉਂਕਿ ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਉਸ ਨੂੰ ਜੇਲ੍ਹ ’ਚ ਪੰਜ ਸਿਤਾਰਾ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਪਟੀਸ਼ਨਕਰਤਾ ਨੇ ਕਿਹਾ ਕਿ ਉਸ ਹੁਕਮ ਕਾਰਨ ਮੈਨੂੰ ਮੁੱਢਲੀਆਂ ਸਹੂਲਤਾਂ ਵੀ ਪ੍ਰਦਾਨ ਨਹੀਂ ਕੀਤੀਆਂ ਜਾ ਰਹੀਆਂ।
ਪਿਛਲੇ ਸਾਲ 14 ਅਗਸਤ ਨੂੰ ਸੁਪਰੀਮ ਕੋਰਟ ਨੇ ਦਰਸ਼ਨ ਤੇ ਮਾਮਲੇ ਦੇ ਹੋਰ ਮੁਲਜ਼ਮਾਂ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰ ਦਿੱਤੀ ਸੀ। ਰੋਹਤਗੀ ਨੇ ਕਿਹਾ ਕਿ ਅਦਾਕਾਰ ਨੂੰ ਜੇਲ੍ਹ ਦੇ ਇਕ ਅਲੱਗ-ਥਲੱਗ ਸੈੱਲ ’ਚ ਰੱਖਿਆ ਗਿਆ ਹੈ, ਜਿੱਥੇ ਬਿਜਲੀ ਵੀ ਨਹੀਂ ਹੈ।
