ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੇ ਸਮਰਥਨ ''ਚ ਉਤਰੇ ਸਿੰਗਰ ਹਨੀ ਸਿੰਘ, ਲਿਆ ਇਹ ਵੱਡਾ ਫੈਸਲਾ
Tuesday, Jul 21, 2026 - 09:48 PM (IST)
ਨਵੀਂ ਦਿੱਲੀ : ਦੇਸ਼ ਵਿੱਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਅਤੇ ਉਨ੍ਹਾਂ 'ਤੇ ਹੋਏ ਲਾਠੀਚਾਰਜ ਦੀ ਗੂੰਜ ਹੁਣ ਮਨੋਰੰਜਨ ਜਗਤ ਵਿੱਚ ਵੀ ਸੁਣਾਈ ਦੇ ਰਹੀ ਹੈ। ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਦੇਸ਼ ਦੇ ਨੌਜਵਾਨਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਆਪਣੇ ਆਉਣ ਵਾਲੇ ਨਵੇਂ ਗਾਣੇ 'ਮੂਨਲਾਈਟ' (Moonlight) ਦਾ ਟੀਜ਼ਰ ਫਿਲਹਾਲ ਰਿਲੀਜ਼ ਨਾ ਕਰਨ ਦਾ ਫੈਸਲਾ ਲਿਆ ਹੈ।
ਹਨੀ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਨਵੇਂ ਗਾਣੇ ਦਾ ਟੀਜ਼ਰ ਮੰਗਲਵਾਰ ਨੂੰ ਰਿਲੀਜ਼ ਹੋਵੇਗਾ, ਪਰ ਦੇਸ਼ ਦੇ ਹਾਲਾਤ ਦੇਖਦੇ ਹੋਏ ਉਨ੍ਹਾਂ ਨੇ ਆਪਣਾ ਫੈਸਲਾ ਬਦਲ ਦਿੱਤਾ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਭਾਰਤ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ, ਮੈਂ ਆਪਣੇ ਨਵੇਂ ਗਾਣੇ 'Moonlight' ਦੇ ਟੀਜ਼ਰ ਨੂੰ ਕੁਝ ਦਿਨਾਂ ਲਈ ਟਾਲ ਰਿਹਾ ਹਾਂ। ਭੋਲੇਨਾਥ ਇਨ੍ਹਾਂ ਬੱਚਿਆਂ ਨੂੰ ਸ਼ਕਤੀ ਦੇਣ। ਜੈ ਹਿੰਦ"। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨਾਂ ਦੀ ਹਿੰਮਤ ਦੀ ਦਾਦ ਦਿੰਦਿਆਂ ਇਹ ਵੀ ਕਿਹਾ ਕਿ ਭਾਰਤ ਦਾ ਨੌਜਵਾਨ ਅਮਰ ਹੈ।
ਸਿਰਫ਼ ਹਨੀ ਸਿੰਘ ਹੀ ਨਹੀਂ, ਸਗੋਂ ਬਾਲੀਵੁੱਡ ਦੇ ਕਈ ਹੋਰ ਵੱਡੇ ਸਿਤਾਰੇ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾ ਰਹੇ ਹਨ। ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨਾਲ ਸਾਰਥਕ ਗੱਲਬਾਤ ਸ਼ੁਰੂ ਕਰੇ। ਉਨ੍ਹਾਂ ਤੋਂ ਇਲਾਵਾ ਸ਼ਬਾਨਾ ਆਜ਼ਮੀ, ਪ੍ਰਕਾਸ਼ ਰਾਜ, ਸੋਨੂੰ ਸੂਦ, ਸੋਨਾਕਸ਼ੀ ਸਿਨਹਾ, ਰਿਤੇਸ਼ ਦੇਸ਼ਮੁਖ ਅਤੇ ਕਈ ਹੋਰ ਕਲਾਕਾਰਾਂ ਨੇ ਵੀ ਵਿਦਿਆਰਥੀਆਂ 'ਤੇ ਹੋਈ ਪੁਲਿਸ ਕਾਰਵਾਈ 'ਤੇ ਦੁੱਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਪੋਸਟਾਂ ਸਾਂਝੀਆਂ ਕੀਤੀਆਂ ਹਨ।
ਹਨੀ ਸਿੰਘ ਦੇ ਇਸ ਕਦਮ ਦੀ ਸੋਸ਼ਲ ਮੀਡੀਆ 'ਤੇ ਕਾਫੀ ਸ਼ਲਾਘਾ ਹੋ ਰਹੀ ਹੈ। ਫਿਲਹਾਲ ਗਾਇਕ ਨੇ ਗਾਣੇ ਦੀ ਰਿਲੀਜ਼ ਲਈ ਕਿਸੇ ਨਵੀਂ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ, ਜਿਸ ਕਾਰਨ ਪ੍ਰਸ਼ੰਸਕਾਂ ਨੂੰ 'ਮੂਨਲਾਈਟ' ਦੇ ਟੀਜ਼ਰ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਵਿਦਿਆਰਥੀਆਂ ਦੇ ਮੁੱਦੇ 'ਤੇ ਇੰਨੀ ਵੱਡੀ ਗਿਣਤੀ ਵਿੱਚ ਸਿਤਾਰਿਆਂ ਦਾ ਇਕੱਠੇ ਆਉਣਾ ਦੇਸ਼ ਵਿੱਚ ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮੁੱਦਿਆਂ ਵੱਲ ਇਸ਼ਾਰਾ ਕਰਦਾ ਹੈ।
