ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਸਾ ''ਚ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

Wednesday, Oct 28, 2026 - 10:39 PM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਸਾ ''ਚ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲਸ ਵੱਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਅ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋਂ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ।  

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਠੀਕ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।


author

Inder Prajapati

Content Editor

Related News