ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਕੈਨੇਡਾ ਚ ਨਹੀਂ ਮਿਲੀ ਐਂਟਰੀ
Friday, Jun 12, 2026 - 01:01 PM (IST)
ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਟੋਰਾਂਟੋ ਹਵਾਈ ਅੱਡੇ ਤੋਂ ਭਾਰਤ ਵਾਪਸ ਆਉਣਾ ਪਿਆ। ਸੂਤਰਾਂ ਮੁਤਾਬਕ ਕੈਨੇਡੀਅਨ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਟੋਰਾਂਟੋ ਹਵਾਈ ਅੱਡੇ ‘ਤੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁਝ ਸਵਾਲਾਂ ਦੇ ਜਵਾਬ ਮੰਗੇ, ਜਿਨ੍ਹਾਂ ਦੇ ਸਪੱਸ਼ਟ ਜਵਾਬ ਨਾ ਮਿਲਣ ਕਾਰਣ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਪਤਾ ਲੱਗਾ ਹੈ ਕਿ ਰੋਮਾਣਾ ਵਿਰੁੱਧ ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿਚ ਉਨ੍ਹਾਂ ਵਿਰੁੱਧ ਦਰਜ ਵੱਖ-ਵੱਖ ਮਾਮਲਿਆਂ ਦਾ ਹਵਾਲਾ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਮਾਮਲੇ ਰਾਜਨੀਤਿਕ ਗਤੀਵਿਧੀਆਂ ਅਤੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਸਨ ਅਤੇ ਕੋਈ ਵੀ ਅਪਰਾਧਿਕ ਪ੍ਰਕਿਰਤੀ ਦਾ ਨਹੀਂ ਸੀ।
ਰੋਮਾਣਾ ਅਨੁਸਾਰ ਸ਼ਿਕਾਇਤ ਵਿਚ ਇਹ ਵੀ ਦੋਸ਼ ਲਗਾਇਆ ਗਿਆ ਸੀ ਕਿ ਉਹ ਇਕ ਰਾਜਨੀਤਿਕ ਦੌਰੇ ਲਈ ਕੈਨੇਡਾ ਪਹੁੰਚੇ ਸਨ, ਜਿਸਦੀ ਕੈਨੇਡੀਅਨ ਨਿਯਮਾਂ ਅਧੀਨ ਆਗਿਆ ਨਹੀਂ ਹੈ; ਇਸ ਸ਼ਿਕਾਇਤ ਦੇ ਆਧਾਰ ‘ਤੇ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ।
