ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅਸਲਾ ਰੱਖਣ ਤੋਂ ਇਲਾਵਾ ਕਈ ਚੀਜ਼ਾਂ ''ਤੇ ਪਾਬੰਦੀਆਂ ਦੇ ਹੁਕਮ ਜਾਰੀ

06/19/2022 3:58:27 PM

ਫਰੀਦਕੋਟ (ਰਵੀ ਬਾਂਸਲ/ਜਸਬੀਰ ਕੌਰ ਜੱਸੀ) : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਡਾ. ਰੂਹੀ ਦੁੱਗ ਆਈ.ਏ.ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 15 ਅਗਸਤ, 2022 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ’ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਫਰੀਦਕੋਟ ਦੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ., ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਜੂਡੀਸ਼ੀਅਲ ਕੰਪਲੈਕਸ ਦੇ ਦਫਤਰਾਂ ਦੀ ਬਾਊਂਡਰੀ ਦੇ ਅੰਦਰ ਅਤੇ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ’ਤੇ ਮੇਲਿਆਂ ਆਦਿ ਵਿਖੇ ਲਾਇਸੈਂਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਅਸਲਾ ਲਾਇਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ, ਤਾਂ ਉਨ੍ਹਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਅਤੇ ਨਜ਼ਰ ਆਉਣਾ ਚਾਹੀਦਾ ਹੈ ਤਾਂ ਕਿ ਜੋ ਬਿਨਾਂ ਲਾਇਸੈਂਸ ਤੋਂ ਅਸਲਾ ਰੱਖੀ ਬੈਠੇ ਹਨ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ’ਤੇ ਵੀ ਪਾਬੰਦੀ ਲਗਾਈ ਗਈ ਹੈ ।

ਲਾਊਡ ਸਪੀਕਰ ਲਾਉਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾਂ ਪ੍ਰਵਾਨਗੀ ਦੇ ਰਾਤ 10 ਤੋਂ ਸਵੇਰੇ 6 ਵਜੇ ਤਕ ਬਿਨਾਂ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਪਬਲਿਕ ਵਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ ਜਿਸ ਕਾਰਨ ਲਾਊਡ ਸਪੀਕਰ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 15 ਅਗਸਤ, 2022 ਤੱਕ ਲਾਗੂ ਰਹੇਗੀ।

ਤੰਬਾਕੂ ਵੇਚਣ ’ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਨੇ ਜ਼ਿਲਾ ਫਰੀਦਕੋਟ ਦੀ ਹਦੂਦ ਅੰਦਰ ਵਿੱਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਰੋਗੀ ਹੋ ਜਾਂਦਾ ਹੈ।

ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ’ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚੱਲਣ ’ਤੇ ਰੋਕ ਲਗਾਈ ਗਈ ਹੈ ਕਿਉਂਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਿਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 15 ਅਗਸਤ ਤੱਕ ਲਾਗੂ ਰਹੇਗੀ । ਇਸ ਤੋਂ ਇਲਾਵਾ ਜ਼ਿਲਾ ਫਰੀਦਕੋਟ 'ਚ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ’ਤੇ ਵੀ ਪਾਬੰਦੀ ਲਗਾਈ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News