ਅੱਜ ਨਹਿਰੂ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਤੇ ਅੰਤਿਮ ਰਿਹਰਸਲ
Tuesday, Jan 24, 2017 - 12:51 PM (IST)
ਫ਼ਰੀਦਕੋਟ (ਹਾਲੀ) - ਨਹਿਰੂ ਸਟੇਡੀਅਮ ਵਿਖੇ ਜ਼ਿਲਾ ਪੱਧਰੀ 26 ਜਨਵਰੀ ਨੂੰ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਉਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਪੁਲਸ, ਹੋਮਗਾਰਡ, ਐੱਨ. ਸੀ. ਸੀ. ਅਤੇ ਸਕਾਊਟ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਨਹਿਰੂ ਸਟੇਡੀਅਮ ਵਿਖੇ 24 ਜਨਵਰੀ ਨੂੰ ਅੰਤਿਮ ਅਤੇ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਇਸ ਸਮੇਂ ਵੱਖ-ਵੱਖ ਖੇਤਰਾਂ ''ਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਜੀ ਮਾਊਂਟ ਲਿਟਰਾ ਸਕੂਲ ਵੱਲੋਂ ਵੰਦੇ ਮਾਤਰਮ ਗੀਤ, ਦਸਮੇਸ਼ ਪਬਲਿਕ ਸਕੂਲ ਵੱਲੋਂ ਅਨੇਕਤਾ ਵਿਚ ਏਕਤਾ ਕੋਰੀਓਗ੍ਰਾਫੀ, ਡਾ. ਮਹਿੰਦਰ ਸਿੰਘ ਬਰਾੜ ਸਾਂਭੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਗਿੱਧਾ ਪੈਂਦਾ ਲੌਂਗੋਵਾਲ, ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ ਸਿੰਘ ਵਾਲਾ ਵੱਲੋਂ ਹਰਿਆਣਵੀ ਡਾਂਸ, ਐੱਸ. ਬੀ. ਆਰ. ਐੱਸ. ਘੁੱਦੂਵਾਲਾ ਦੇ ਵਿਦਿਆਰਥਣਾਂ ਵੱਲੋਂ ਗਿੱਧਾ, ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਬਲਵੀਰ ਸੈਕੰਡਰੀ ਸਕੂਲ ਅਤੇ ਡਾਈਟ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚ ਭੰਗੜਾ ਪੇਸ਼ ਕੀਤਾ ਜਾਵੇਗਾ। ਸਮਾਗਮ ਦੇ ਅੰਤ ''ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਹਿੰਗੋਨੀਆ, ਜ਼ਿਲਾ ਸਿੱਖਿਆ ਅਫ਼ਸਰ ਦਵਿੰਦਰ ਰਾਜੌਰੀਆ ਆਦਿ ਹਾਜ਼ਰ ਸਨ।
