ਪਿੰਡ ਔਲਖ ''ਚ ਦੁਕਾਨ ਨੂੰ ਤੜਕੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

Thursday, Oct 22, 2026 - 05:50 PM (IST)

ਪਿੰਡ ਔਲਖ ''ਚ ਦੁਕਾਨ ਨੂੰ ਤੜਕੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਮਲੋਟ (ਗੋਇਲ) : ਪਿੰਡ ਔਲਖ ਦੀ ਮੁੱਖ ਸੜਕ ’ਤੇ ਸਥਿਤ ਫਲ-ਸਬਜ਼ੀਆਂ ਦੀ ਦੁਕਾਨ ਛੰਨਾ ਫਰੂਟ ਕੰਪਨੀ (ਸ਼ਾਮੇ ਦੀ ਹੱਟੀ) ਨੂੰ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਦੁਕਾਨ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਦੁਕਾਨ ਮਾਲਕ ਨੂੰ ਕਰੀਬ 2 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਮਲੋਟ ਤੋਂ ਪਹੁੰਚੀ ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ, ਜਿਸ ਕਾਰਨ ਨਾਲ ਲੱਗਦੀਆਂ ਦੁਕਾਨਾਂ ਨੂੰ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4:30 ਵਜੇ ਉੱਥੋਂ ਲੰਘ ਰਹੇ ਇਕ ਵਿਅਕਤੀ ਨੇ ਦੁਕਾਨ ਵਿਚੋਂ ਧੂੰਆਂ ਨਿਕਲਦਾ ਦੇਖਿਆ। ਉਸ ਨੇ ਤੁਰੰਤ ਦੁਕਾਨ ਚਲਾਉਣ ਵਾਲੇ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਦੁਕਾਨ ਦੇ ਮਾਲਕ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਅੱਗ ਕਾਰਨ ਦੁਕਾਨ ਵਿਚ ਪਏ ਦੋ ਵੱਡੇ ਡੀਪ ਫ੍ਰੀਜ਼ਰ, ਦੋ ਵੱਡੇ ਕੰਡੇ, ਇਨਵਰਟਰ-ਬੈਟਰੀ, ਅਲਮਾਰੀਆਂ, ਫਲ-ਸਬਜ਼ੀਆਂ ਅਤੇ ਹੋਰ ਸਾਮਾਨ ਸੜ ਗਿਆ। ਉਨ੍ਹਾਂ ਅਨੁਸਾਰ, ਇਸ ਘਟਨਾ ਨਾਲ ਉਨ੍ਹਾਂ ਦਾ ਕਰੀਬ 2 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ, ਜਿਸ ਨਾਲ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।


author

Gurminder Singh

Content Editor

Related News