ਸੁਖਬੀਰ ਬਾਦਲ ਨੇ ਨੁਕਸਾਨੀ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ
03/25/2023 2:47:43 PM

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ/ਮਲੋਟ (ਤਨੇਜਾ, ਖੁਰਾਣਾ, ਸੁਖਪਾਲ, ਗੋਇਲ, ਜੁਨੇਜਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਮਾੜੇ ਮੌਸਮ ਕਾਰਨ ਨੁਕਸਾਨੀ ਗਈ ਹੈ, ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਕਣਕ ਦੇ ਅੰਸ਼ਕ ਨੁਕਸਾਨ ਵਾਸਤੇ 25 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਇਸ ਜ਼ਿਲ੍ਹੇ ਵਿਚ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਵੀ ਫ਼ਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਕਈ ਕਿਸਾਨ ਜਿਨ੍ਹਾਂ ਨੇ ਜ਼ਮੀਨਾਂ ਠੇਕੇ ’ਤੇ ਲਈਆਂ ਹਨ, ਦਾ ਭਵਿੱਖ ਧੁੰਦਲਾ ਹੋ ਗਿਆ ਹੈ। ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ।